ਵੀਰਵਾਰ ਤੜਕਸਾਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਘਰ ਵੀਰਵਾਰ ਸਵੇਰੇ ਕਰੀਬ 5 ਵਜੇ ਜਲਾਲਾਬਾਦ ਪੁਲਿਸ ਨੇ ਰੇਡ ਕੀਤੀ ਸੀ। ਜਲਾਲਾਬਾਦ ਪੁਲਿਸ ਖਹਿਰਾ ਨੂੰ ਗ੍ਰਿਫਤਾਰ ਕਰਨ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਸੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਦਾ ਪੁਰਾਣਾ ਕੇਸ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਧਰ, ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਕਾਂਗਰਸੀ ਵਿਧਾਇਕ ਨੂੰ 11.15 ਵਜੇ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।