ਗੋਲਡੀ ਬਰਾੜ ਗੈਂਗ ਦੇ ਨਾਮ ‘ਤੇ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਚੰਨੀ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ। ਮੁਲਜ਼ਮਾਂ ਨੇ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਹ ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਨੂੰ ਵੀ ਮਾਰ ਦੇਣਗੇ। ਪੰਜਾਬ ਵਿੱਚ ਅਪਰਾਧੀ ਇਸ ਕਦਰ ਨਿਡਰ ਹਨ ਕਿ ਹੁਣ ਉਨ੍ਹਾਂ ਨੇ ਸਾਬਕਾ ਸੀਐਮ ਤੋਂ ਵੀ ਫਿਰੌਤੀ ਦੀ ਮੰਗ ਕੀਤੀ ਹੈ। ਚੰਨੀ ਤੋਂ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦਿੱਤੀ ਹੈ।
ਮੁਲਜ਼ਮ ਨੇ ਜਿਸ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕੀਤੀ ਅਤੇ ਮੈਸੇਜ ਭੇਜੇ ਹਨ, ਉਨ੍ਹਾਂ ਦੀ ਜਾਣਕਾਰੀ ਡੀਜੀਪੀ ਨੂੰ ਦਿੱਤੀ ਗਈ ਹੈ। ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟਸਐਪ ਕਾਲ ਕਰਕੇ ਫਿਰੌਤੀ ਦੀ ਧਮਕੀ ਦਿੱਤੀ ਜਾ ਰਹੀ ਹੈ। ਸਾਬਕਾ ਸੀਐਮ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਚੰਨੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੇ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ। ਚੰਨੀ ਨੇ ਕਿਹਾ ਕਿ ਪੰਜਾਬ ਪੁਲਿਸ ਤੋਂ ਮੇਰੀ ਇੱਕੋ ਇੱਕ ਮੰਗ ਹੈ ਕਿ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਚੰਨੀ ਨੇ ਕਿਹਾ ਕਿ ਜਦੋਂ ਪੰਜਾਬ ‘ਚ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਕਿਵੇਂ ਸੁਰੱਖਿਅਤ ਹੋਵੇਗੀ।
ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਖੁੱਲ੍ਹੇਆਮ ਉਦਯੋਗਪਤੀਆਂ, ਮੰਤਰੀਆਂ, ਕਲਾਕਾਰਾਂ ਅਤੇ ਲੋਕਾਂ ਤੋਂ ਫਿਰੌਤੀ ਮੰਗ ਰਹੇ ਹਨ। ਪੁਲਿਸ ਇਨ੍ਹਾਂ ਦੋਸ਼ੀਆਂ ‘ਤੇ ਸ਼ਿਕੰਜਾ ਨਹੀਂ ਕਸ ਰਹੀ। ਸੂਬੇ ਵਿੱਚ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਚੰਨੀ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਗੈਂਗ ਵਾਰ ਦੇਖਣ ਨੂੰ ਮਿਲ ਰਹੀ ਹੈ। ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਕਿਤੇ ਵੀ ਕਿਸੇ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪੁਲਿਸ ਇਨ੍ਹਾਂ ਅਪਰਾਧੀਆਂ ਨੂੰ ਕਾਬੂ ਨਹੀਂ ਕਰ ਰਹੀ। ਔਰਤਾਂ ਅਤੇ ਬਜ਼ੁਰਗਾਂ ਦੀ ਲੁੱਟ-ਖਸੁੱਟ, ਫਿਰੌਤੀ, ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ।