ਸ਼ਨੀਵਾਰ ਸਵੇਰੇ ਫਰੀਦਕੋਟ ਤੋਂ ਸ਼ੰਭੂ ਬਾਰਡਰ ਵੱਲ ਜਾ ਰਹੇ ਕਿਸਾਨਾਂ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਹੈ। ਟਰੈਕਟਰ ਟਰਾਲੀ ਖੱਡ ਵਿੱਚ ਡਿੱਗਣ ਕਾਰਣ ਪਲਟ ਗਈ ਸੀ। ਹਾਦਸੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਜਦਕਿ ਦੋ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੂਸਰਾ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਕਿਸਾਨ ਅੰਦੋਲਨ ਦੌਰਾਨ ਖਨੌਰੀ-ਦਾਤਾਸਿੰਘਵਾਲਾ ਸਰਹੱਦ ‘ਤੇ ਝੜਪ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ ‘ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਕਾਲਾ ਦਿਵਸ ਮਨਾਇਆ ਸੀ। ਕਿਸਾਨਾਂ ਨੇ ਵੱਖ-ਵੱਖ ਥਾਵਾਂ ‘ਤੇ ਧਰਨੇ ਦਿੱਤੇ ਅਤੇ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ। ਕਿਸਾਨਾਂ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕਿਸਾਨ ਅੱਜ ਕੈਂਡਲ ਮਾਰਚ ਵੀ ਕੱਢਣਗੇ।ਇਸ ਦੌਰਾਨ ਸ਼ੁੱਕਰਵਾਰ ਨੂੰ ਵੀ ਖਨੌਰੀ ਸਰਹੱਦ ‘ਤੇ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ ‘ਚ ਗੁੱਸਾ ਦੇਖਣ ਨੂੰ ਮਿਲਿਆ।
