ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਕਿਸਾਨ ਅੱਜ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਮੌਕੇ 11 ਤੋਂ 2 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾਉਣ, ਅਜੈ ਮਿਸ਼ਰਾ ਦੀ ਗ੍ਰਿਫਤਾਰੀ ਅਤੇ ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਇਸ ਘਟਨਾ ਦੀ ਜਾਂਚ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਜ਼ਿਲਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚਾ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।
ਦਿੱਲੀ ਦੀਆਂ ਸਰਹੱਦਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 11 ਮਹੀਨੇ ਪੂਰੇ ਹੋ ਗਏ ਹਨ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਇੱਕ ਅਧਿਕਾਰਤ ਬਿਆਨ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਹ ਰੋਸ ਮੁਜ਼ਾਹਰਾ ਲਖੀਮਪੁਰ ਖੀਰੀ ਮਾਮਲੇ ਵਿੱਚ ਅਜੇ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਹੋਰ ਤੇਜ਼ ਕਰਨ ਲਈ ਹੈ। ਇਹ ਪ੍ਰਦਰਸ਼ਨ ਜ਼ਿਲ੍ਹਾ ਕੁਲੈਕਟਰ/ਮੈਜਿਸਟ੍ਰੇਟ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸਮਾਪਿਤ ਹੋਣਗੇ।