ਪੰਜਾਬ ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਇਸ ਵਿਵਾਦ ਵਿੱਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਨੌਕਰੀਆਂ ਛੱਡਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਜਲੰਧਰ ਦੇ ਡੀਸੀ ਨੇ 61 ਪਟਵਾਰੀਆਂ ਨੂੰ ਵਾਧੂ ਚਾਰਜ ਦਿੱਤਾ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਿਨ੍ਹਾਂ 19 ਪਟਵਾਰੀਆਂ ਨੇ ਅਸਤੀਫਾ ਦੇ ਦਿੱਤਾ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲ ਨੂੰ ਚਲਾਉਣ ਲਈ ਠੇਕੇ ‘ਤੇ ਰੱਖਿਆ ਸੀ। ਸਰਕਾਰ ਵੱਲੋਂ ਐਸਮਾ ਐਕਟ ਲਾਗੂ ਕਰਨ ਦੇ ਫੈਸਲੇ ਅਤੇ ਮੁੱਖ ਮੰਤਰੀ ਵੱਲੋਂ ਪਟਵਾਰੀਆਂ ਅਤੇ ਕਾਨੂੰਗੋ ਨੂੰ ਭ੍ਰਿਸ਼ਟ ਕਹਿਣ ਦੇ ਵਿਰੋਧ ਵਿੱਚ ਉਨ੍ਹਾਂ ਨੇ ਨੌਕਰੀ ਛੱਡ ਦਿੱਤੀ ਹੈ। ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਦੱਸਿਆ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ ਦੋ ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਨੇ ਠੇਕੇ ‘ਤੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੇ ਅਸਤੀਫੇ ਸਬੰਧਿਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ।
ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਪਟਵਾਰੀਆਂ ਨੂੰ ਠੇਕੇ ’ਤੇ ਲੈ ਕੇ ਕੰਮ ਚਲਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿ 19 ਪਟਵਾਰੀਆਂ ਨੇ ਅਸਤੀਫੇ ਦੇ ਕੇ ਸਰਕਾਰ ਦੀ ਮੁਹਿੰਮ ਨੂੰ ਝਟਕਾ ਦੇ ਦਿੱਤਾ ਹੈ। ਦੂਜੇ ਪਾਸੇ ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ’ਤੇ ਪਟਵਾਰ ਯੂਨੀਅਨ ਪੰਜਾਬ ਦੇ ਆਗੂ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਕਲਮ ਸੌਂਪਣ ਦਾ ਦਾਅਵਾ ਕੀਤਾ ਸੀ, ਜਦਕਿ ਹੁਣ ਸਰਕਾਰ ਅਜਿਹਾ ਨਹੀਂ ਕਰ ਰਹੀ।
ਸੰਘਰਸ਼ ‘ਤੇ ਡਟੇ ਹੋਏ ਪਟਵਾਰੀ ਵੀ ਪਿੱਛੇ ਹਟਣ ਦੇ ਮੂਡ ‘ਚ ਨਹੀਂ ਹਨ। ਪਟਵਾਰੀ ਯੂਨੀਅਨ ਦੇ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਸ਼ੁੱਕਰਵਾਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਸਰਕਾਰ ਦੇ ਪਟਵਾਰੀਆਂ ਖ਼ਿਲਾਫ਼ ਜਾਰੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਮੀਟਿੰਗ ਲਈ ਨਹੀਂ ਬੁਲਾਇਆ।