ਸ਼ੁੱਕਰਵਾਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ 6000 ਆਂਗਣਵਾੜੀ ਵਰਕਰਾਂ ਦੀ ਭਰਤੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਇਨ੍ਹਾਂ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਮੁੱਖ ਮੰਤਰੀ ਨੇ ਪੰਜਾਬ ਦੇ 4300 ਪੁਲਿਸ ਮੁਲਾਜ਼ਮਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇਣ ਦੀ ਗੱਲ ਵੀ ਕਹੀ ਹੈ। ਰੱਖੜ ਪੁੰਨਿਆ ‘ਤੇ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਹੈ। ਲੰਮੇ ਸਮੇਂ ਤੋਂ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਵੱਲੋਂ ਰੱਖੜ ਪੁੰਨਿਆ ਨੂੰ ਲੈ ਕੇ ਮੀਟਿੰਗਾਂ ਹੁੰਦੀਆਂ ਰਹੀਆਂ ਹਨ ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਸਿਰਫ਼ ਪ੍ਰੋਗਰਾਮ ਹੀ ਰੱਖਿਆ ਗਿਆ ਹੈ। ਕਿਸੇ ਹੋਰ ਪਾਰਟੀ ਨੇ ਸਟੇਜ ਨਹੀਂ ਸਜਾਈ। ਪ੍ਰੋਗਰਾਮ ਵਿੱਚ ਪਹੁੰਚੇ ਸੀਐਮ ਭਗਵੰਤ ਮਾਨ ਨੇ ਨੌਕਰੀਆਂ ਦੇ ਐਲਾਨ ਦੇ ਨਾਲ-ਨਾਲ ਪੰਜਾਬ ਅਤੇ ਮਾਝਾ ਪੱਟੀ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਪੰਜਾਬ ਵਿੱਚ ਜਲਦੀ ਹੀ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਪਹਿਲਾਂ 9 ਮੈਡੀਕਲ ਕਾਲਜ ਹਨ ਅਤੇ 16 ਨਵੇਂ ਮੈਡੀਕਲ ਕਾਲਜ ਬਣਨ ਤੋਂ ਬਾਅਦ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਤੋਂ ਬਾਅਦ ਨੌਜਵਾਨਾਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ ਜਾਂ ਹੋਰ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਨੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਦੇ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।
ਮਾਨ ਨੇ ਅੱਗੇ ਕਿਹਾ ਕਿ ਜਿਸ ਉਮੀਦਵਾਰ ਦੀ ਡਿਗਰੀ ਬਿਲਕੁਲ ਦਰੁਸਤ ਹੋਵੇਗੀ, ਉਨ੍ਹਾਂ ਨੂੰ ਹੀ ਆਂਗਨਵਾੜੀ ਵਿਚ ਨੌਕਰੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਰਤੀ ਵਿੱਚ ਕੋਈ ਸਿਫਾਰਿਸ਼, ਰਿਸ਼ਵਤ ਜਾਂ ਹੋਰ ਕੋਈ ਜੁਗਾੜ ਲਾਉਣ ਵਾਲਿਆਂ ਨੂੰ ਨੌਕਰੀ ਨਹੀਂ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ ਛੇ ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਮਾਨ ਨੇ 4300 ਪੁਲਿਸ ਮੁਲਾਜ਼ਮਾਂ ਨੂੰ ਛੇਤੀ ਨਿਯੁਕਤੀ ਪੱਤਰ ਦੇਣ ਦੀ ਗੱਲ ਆਖੀ।