ਡਰੱਗ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੋਮਵਾਰ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਮਜੀਠੀਆ ‘ਤੇ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਪਹਿਲਾਂ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਾਈ ਗਈ ਸੀ, ਪਰੰਤੂ ਇਥੋਂ ਖਾਰਜ ਹੋਣ ਪਿਛੋਂ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਨੂੰ ਕੋਰਟ ਵੱਲੋਂ ਪਹਿਲਾਂ 18 ਤਰੀਕ ਤੱਕ ਜ਼ਮਾਨਤ ਦਿੱਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਵਧਾ ਦਿੱਤਾ ਗਿਆ ਸੀ।
ਉੱਥੇ ਹੀ ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ ਦੀਆਂ ਕੁੱਖਾਂ ਨਸ਼ਿਆਂ ਕਾਰਨ ਤਬਾਹ ਹੋ ਗਈਆਂ। ਜਵਾਨੀ ਬਰਬਾਦ ਹੋ ਗਈ। ਪੰਜਾਬ ਦੀ ਆਰਥਿਕ ਹਾਲਤ ਬਰਬਾਦ ਹੋ ਚੁੱਕੀ ਹੈ। ਅਸੀਂ ਹਾਈ ਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਉਹਨਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜੋ ਕਰੇਗਾ, ਉਹ ਭਰੇਗਾ।
ਇਸ ਮਾਮਲੇ ‘ਤੇ ਮੁੱਖ ਮੰਤਰੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ “ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਉਨ੍ਹਾਂ ਸਾਰੀਆਂ ਮਾਵਾਂ ਨੂੰ ਇਨਸਾਫ਼ ਦਿਵਾਉਣ ਲਈ ਇੱਕ ਇਤਿਹਾਸਕ ਕਦਮ ਹੈ ਜਿਨ੍ਹਾਂ ਨੇ ਆਪਣੇ ਪੁੱਤਰਾਂ ਨੂੰ ਨਸ਼ਿਆਂ ਕਾਰਨ ਗਵਾਇਆ ਅਤੇ ਉਨ੍ਹਾਂ ਪਰਿਵਾਰਾਂ ਲਈ ਜੋ ਨਸ਼ਿਆਂ ਕਾਰਨ ਤਬਾਹ ਹੋ ਗਏ ਹਨ।” ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ।