ਦਿੱਲੀ ਦੀਆਂ ਬਰੂਹਾਂ ’ਤੇ ਲਾਇਆ ਮੋਰਚਾ ਫਤਹਿ ਕਰਨ ਮਗਰੋਂ ਚੋਣ ਮੈਦਾਨ ’ਚ ਉਤਰੀਆਂ ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ। ਮੰਗਲਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੈ, ਜਿਸ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ।
ਦਰਅਸਲ, ਸੰਯੁਕਤ ਸਮਾਜ ਮੋਰਚਾ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਚੋਣ ਕਮਿਸ਼ਨ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਹੈ। ਸੰਯੁਕਤ ਸਮਾਜ ਮੋਰਚੇ ਦਾ ਕਹਿਣਾ ਹੈ ਕਿ ਉਹ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਹੀ ਚੋਣ ਲੜਨਗੇ। ਮੋਰਚੇ ਵੱਲੋਂ 100 ਤੋਂ ਵੱਧ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉੱਤਰਣਗੇ।