ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ 6 ਫਰਵਰੀ ਨੂੰ ਹੋ ਸਕਦਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਆਖ਼ਰੀ ਦਿਨ 4 ਫਰਵਰੀ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਹਰ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗਾ। ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ਵੀ ਸੀਐਮ ਚਿਹਰੇ ਦਾ ਐਲਾਨ ਕਰ ਸਕਦੀ ਹੈ।ਇਸ ਸਬੰਧੀ ਜਾਣਕਾਰੀ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਹਲਕਾ ਗੱਲ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਾਂਝੀ ਕੀਤੀ ਹੈ।
ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 6 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ। ਦੱਸ ਦਈਏ ਕਿ 27 ਜਨਵਰੀ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਸੀ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਚਿਹਰੇ ਨਾਲ ਲੜੇਗੀ ਅਤੇ ਪਾਰਟੀ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਜਲਦੀ ਹੀ ਇਸ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਲਈ ਸੀਐੱਮ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਮੁਕਾਬਲਾ ਹੈ। ਤੀਜਾ ਵਿਕਲਪ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਚੋਣ ਲੜਨਾ ਹੈ। ਸੂਤਰਾਂ ਦੀ ਮੰਨੀਏ ਤਾਂ ਚੰਨੀ ਇਸ ਦੌੜ ‘ਚ ਸਿੱਧੂ ਦੇ ਮੁਕਾਬਲੇ ਕਾਫੀ ਅੱਗੇ ਹਨ।