ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਪੀਐਮਓ ਨੇ ਕਿਹਾ ਕਿ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨ ਬਾਰੇ ਹਾਲ ਹੀ ਦੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਸ਼ਵਾਸ ਨੂੰ ਦੁਹਰਾਇਆ ਕਿ ਰੂਸ ਅਤੇ ਨਾਟੋ ਸਮੂਹ ਵਿਚਲੇ ਮਤਭੇਦਾਂ ਨੂੰ ਗੱਲਬਾਤ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਹਿੰਸਾ ਨੂੰ ਤੁਰੰਤ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰੇ ਪੱਖਾਂ ਨੂੰ ਕੂਟਨੀਤਕ ਸੰਵਾਦ ਅਤੇ ਗੱਲਬਾਤ ਦੇ ਰਾਹ ‘ਤੇ ਮੁੜਨ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨੂੰ ਯੂਕਰੇਨ ਵਿੱਚ ਭਾਰਤੀ ਨਾਗਰਿਕਾਂ ਖਾਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਬਾਰੇ ਭਾਰਤ ਦੀਆਂ ਚਿੰਤਾਵਾਂ ਤੋਂ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਭਾਰਤ ਉਨ੍ਹਾਂ ਦੇ ਸੁਰੱਖਿਅਤ ਨਿਕਾਸ ਅਤੇ ਭਾਰਤ ਵਾਪਸ ਆਉਣ ਨੂੰ ਪ੍ਰਮੁੱਖ ਤਰਜੀਹ ਦਿੰਦਾ ਹੈ। ਦੋਵਾਂ ਨੇਤਾਵਾਂ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਉਨ੍ਹਾਂ ਦੇ ਅਧਿਕਾਰੀ ਅਤੇ ਕੂਟਨੀਤਕ ਟੀਮਾਂ ਖੇਤਰੀ ਹਿੱਤਾਂ ਦੇ ਮੁੱਦਿਆਂ ‘ਤੇ ਨਿਯਮਤ ਸੰਪਰਕ ਬਣਾਈ ਰੱਖਣਗੀਆਂ।