ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਨੇ ਪੰਜਾਬ ਦੀ ਸਿਆਸਤ ਹੀ ਬਦਲ ਕੇ ਰੱਖ ਦਿੱਤੀ ਅਤੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ 5 ਸੀਟਾਂ ਵੀ ਨਹੀਂ ਮਿਲੀਆਂ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੇ ਗਹਿਰੀ ਚਿੰਤਾ ਪ੍ਰਗਟਾਈ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਦੇਸ਼ਾਂ ਵਿਦੇਸ਼ਾਂ ਵਿੱਚੋਂ ਸਿੱਖ ਚਿੰਤਕਾਂ ਦੇ ਫੋਨ ਤੇ ਈਮੇਲ ਆ ਰਹੀਆਂ ਹਨ ਅਕਾਲੀ ਦਲ ਦੀ ਹਾਰ ਨਾਲ ਲੋਕ ਚਿੰਤਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਰ ਸਿੱਖਾਂ ਲਈ ਘਾਤਕ ਹੋ ਸਕਦੀ ਹੈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਦਿੱਲੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਦੀ ਹਾਰ ਦੇਸ਼ ਲਈ ਵੀ ਘਾਤਕ ਹੋ ਸਕਦੀ ਹੈ। ਉਨ੍ਹਾਂ ਸਿੱਖਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਇੱਕ ਰਾਜਨੀਤਿਕ ਪਾਰਟੀ ਨਹੀਂ ਹੈ ਇਹ ਇੱਕ ਸੋਚ ਹੈ ਜੋ ਕਿ ਬਰਕਰਾਰ ਰਹਿਣੀ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਬੋਲਬਾਣੀ ਬਹੁਤ ਹੀ ਹੇਠਲੇ ਪੱਧਰ ਤੇ ਹੋ ਚੁੱਕੀ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਪੁਰਾਣੇ ਅੰਦਾਜ਼ ਚ ਆਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸੰਨ 1920 ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੈ ਇਸ ਲਈ ਸਾਨੂੰ ਦੁਬਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕੱਠੇ ਹੋਣ ਦੀ ਜ਼ਰੂਰਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਨਮੁੱਖ ਹੋ ਕੇ ਸਾਨੂੰ ਅਕਾਲੀ ਦਲ ਨੂੰ ਦੁਬਾਰਾ ਉੱਪਰ ਚੁੱਕਣ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਸਿੱਖਾਂ ਨੂੰ ਤਾਕਤ ਮਿਲੇ ਅਤੇ ਸਿੱਖ ਦੁਬਾਰਾ ਇਕੱਠੇ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਤਰਜਮਾਨੀ ਤੇ ਦੁਬਾਰਾ ਅਕਾਲੀ ਦਲ ਨੂੰ ਉੱਪਰ ਚੁੱਕਣ।