ਮਿਸ ਯੂਨੀਵਰਸ 2021 ਦਾ ਖ਼ਿਤਾਬ ਜਿੱਤਣ ਵਾਲੀ ਹਰਨਾਜ਼ ਕੌਰ ਸੰਧੂ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਸਣੇ ਹੋਰ ਲੋਕ ਵੀ ਮੌਜੂਦ ਰਹੇ। ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਹਰਨਾਜ਼ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ।
ਹਰਨਾਜ਼ ਸੰਧੂ ਨੇ ਪਰਿਵਾਰ ਸਮੇਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਰਨਾਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਵਿਜ਼ਨ ਪਸੰਦ ਹੈ। ਉਹ ਵੀ ਆਪਣੇ ਪੱਧਰ ‘ਤੇ ਪੰਜਾਬ ਦੀ ਬਿਹਤਰੀ ਲਈ ਕੁੱਝ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਬਿਹਤਰੀ ਲਈ ਬਦਲਾਅ ਦੱਸਿਆ। ਉਸ ਨੇ ਕਿਹਾ ਕਿ ਉਹ ਸੋਚ ਰਹੀ ਹੈ ਕਿ ਉਹ ਪੰਜਾਬ ਲਈ ਕੀ ਕਰ ਸਕਦੀ ਹੈ। ਇਨ੍ਹਾਂ ਵਿੱਚ ਨਸ਼ਿਆਂ ਵਿਰੁੱਧ ਲੜਾਈ, ਮਹਿਲਾ ਸਸ਼ਕਤੀਕਰਨ ਵਰਗੇ ਕਈ ਕੰਮ ਸ਼ਾਮਿਲ ਹਨ। ਹਰਨਾਜ਼ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਉਹ ਬੇਅੰਤ ਕੰਮ ਕਰ ਸਕਦੀ ਹੈ।
ਹਰਨਾਜ਼ ਨੇ ਕਿਹਾ ਕਿ ਉਹ ਕਲਾਕਾਰ ਵਜੋਂ ਭਗਵੰਤ ਮਾਨ ਦੀ ਬਹੁਤ ਵੱਡੀ ਪ੍ਰਸ਼ੰਸਕ ਹੈ। ਹਰਨਾਜ਼ ਨੇ ਕਿਹਾ ਕਿ ਉਹ ਖੁਦ ਥੀਏਟਰ ਕਲਾਕਾਰ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਨੂੰ ਦੇਖ ਕੇ ਪ੍ਰੇਰਿਤ ਹੋਏ ਹਨ।