ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਇੱਕ ਵਾਰ ਫਿਰ ਟਕਰਾਅ ਸ਼ੁਰੂ ਹੋ ਗਿਆ ਹੈ। ਇਸ ਦਾ ਕਾਰਨ ਕੇਂਦਰ ਸਰਕਾਰ ਦਾ ਉਹ ਫੈਸਲਾ ਹੈ, ਜਿਸ ਤਹਿਤ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਕਾਨੂੰਨ ਲਾਗੂ ਹੋਵੇਗਾ। ਇਸ ਫੈਸਲੇ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਚੰਡੀਗੜ੍ਹ ਉੱਤੇ ਪੰਜਾਬ ਦਾ ਹੱਕ ਜਤਾਇਆ। ਜਿਸ ‘ਤੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, “ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਰਾਜਧਾਨੀ ਹੈ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਹਰਿਆਣਾ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਜੋ ਕੀਤਾ ਹੈ ਉਹ ਨਿੰਦਣਯੋਗ ਹੈ।”
ਸੀਐਮ ਖੱਟਰ ਨੇ ਕਿਹਾ, “ਰਾਜੀਵ-ਲੌਂਗੋਵਾਲ ਸਮਝੌਤਾ 35-36 ਸਾਲ ਪਹਿਲਾਂ ਹੋਇਆ ਸੀ, ਜਿਸ ਮੁਤਾਬਕ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਦੀ ਰਾਜਧਾਨੀ ਹੈ। ਮੈਂ ਕੱਲ੍ਹ ਵੀ ਕਿਹਾ ਸੀ ਕਿ ਇਸ ਨਾਲ ਜੁੜੇ ਕਈ ਮੁੱਦੇ ਹਨ, ਜੇਕਰ ਉਹ ਕੁਝ ਕਰਨਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਐਸ.ਵਾਈ.ਐਲ ਮੁੱਦੇ ਦੇ ਹੱਲ ਲਈ ਪਹਿਲਾਂ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ।ਹਰਿਆਣਾ ਨੂੰ ਹਿੰਦੀ ਬੋਲਦੇ ਇਲਾਕੇ ਨਹੀਂ ਦਿੱਤੇ ਗਏ, ਜਿਸ ਕਾਰਨ ਬਾਕੀ ਮੁੱਦਿਆਂ ਵਿੱਚ ਦੇਰੀ ਹੋਈ।ਉਨ੍ਹਾਂ ਨੂੰ ਕਹਿਣਾ ਚਾਹੀਦਾ ਹੈ ਕਿ ਉਹ ਹਰਿਆਣਾ ਨੂੰ ਹਿੰਦੀ ਬੋਲਦੇ ਇਲਾਕੇ ਦੇਣ ਲਈ ਤਿਆਰ ਹਨ। “