ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ, ਆਏ ਦਿਨ ਸ਼ਰੇਆਮ ਕਤਲਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਗੈਂਗਸਟਰਵਾਦ ਦੇ ਖਾਤਮੇ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਦੋ ਦਿਨ ਬਾਅਦ ਵੀਰਵਾਰ ਨੂੰ ਮੁੱਖ ਮੰਤਰੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਚਿੱਠੀ ਲਿਖ ਕੇ ਸਖਤ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਕਿ ਗੈਂਗਸਟਰ ਕਲਚਰ ਨੂੰ ਸੂਬੇ ਵਿੱਚ ਖਤਮ ਕਰਨ ਲਈ ਇੱਕ ਅਹਿਮ ਫੈਸਲੇ ਵਜੋਂ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਪਰ ਇਸ ਨਾਲ ਪੁਲਿਸ ਕਮਿਸ਼ਨਰਾਂ ਜਾਂ ਐੱਸ.ਐੱਸ.ਪੀਜ਼ ਦੀ ਜ਼ਿੰਮੇਵਾਰੀ ਘੱਟ ਨਹੀਂ ਹੋਵੇਗੀ। ਸੀਪੀ ਤੇ ਐੱਸ.ਐੱਸ.ਪੀਜ਼ ਆਪਣੀਆਂ ਹੱਦਾਂ ਵਿੱਚ ਅਪਰਾਧ ‘ਤੇ ਕਾਬੂ ਪਾਉਣ ਅਤੇ ਕਾਨੂੰਨ ਵਿਵਸਥਾ ਬਣਾਉਣ ਲਈ ਪੂਰੇ ਜ਼ਿੰਮੇਵਾਰ ਹੋਣਗੇ।