ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਤਵਾਰ ਨੂੰ ਕਿਸਾਨਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਣਕ ਦੀਆਂ ਵਧੀਆਂ ਕੀਮਤਾਂ ਮਿਲਣੀਆਂ ਚਾਹੀਦੀਆਂ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨੂੰ ਕੌਮਾਂਤਰੀ ਬਾਜ਼ਾਰ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦਾ ਫਾਇਦਾ ਹੋਣਾ ਚਾਹੀਦਾ ਹੈ। ਕੀਮਤਾਂ 3,000 ਤੋਂ 3,500 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਈਆਂ ਹਨ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸੀਜ਼ਨ ਵਿੱਚ ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਕਰਕੇ ਸੂਬੇ ਵਿੱਚ ਕਣਕ ਦੀ ਪੈਦਾਵਾਰ 5-10 ਕੁਇੰਟਲ ਪ੍ਰਤੀ ਏਕੜ ਘਟੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਣਕ ਦੀ ਫਸਲ ‘ਤੇ ਕਿਸਾਨਾਂ ਨੂੰ ਐਮ.ਐਸ.ਪੀ. ‘ਤੇ ਮੁਆਵਜ਼ੇ ਵਜੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ। ਹਰਿਆਣਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੁੱਡਾ ਨੇ ਕਿਹਾ ਕਿ ਕਿਸਾਨਾਂ ਦੀਆਂ ਲਾਗਤਾਂ ਵਿੱਚ ਕਾਫੀ ਵਾਧਾ ਹੋਇਆ ਹੈ। ਮੌਸਮ ਅਤੇ ਮਹਿੰਗਾਈ ਕਰਕੇ ਪਿਛਲੇ ਕੁਝ ਸਾਲਾਂ ਵਿੱਚ ਖੇਤੀ ਦੇ ਖਰਚੇ ਬਹੁਤ ਵਧੇ ਹਨ।
ਕਾਂਗਰਸ ਸਰਕਾਰ ਵੇਲੇ ਖਾਦਾਂ, ਬੀਜਾਂ, ਦਵਾਈਆਂ ਜਾਂ ਖੇਤੀ ਦੇ ਸੰਦਾਂ ਉੱਤੇ ਕੋਈ ਟੈਕਸ ਨਹੀਂ ਲਾਇਆ ਗਿਆ ਸੀ, ਪਰ ਭਾਜਪਾ ਸਰਕਾਰ ਨੇ ਇਸ ਸਭ ਉੱਤੇ ਭਾਰੀ ਟੈਕਸ ਲਗਾ ਦਿੱਤੇ ਹਨ। ਦੱਸ ਦੇਈਏ ਕਿ ਬਹੁਤ ਸਾਰੇ ਦੇਸ਼ ਰੂਸ ਦੇ ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਤੇ ਮਾਸਕੋ ਵਿਰੁੱਧ ਪੱਛਮੀ ਪਾਬੰਦੀਆਂ ਤੋਂ ਬਾਅਦ ਕਣਕ ਦੀ ਸਪਲਾਈ ਘਟਨ ਕਰਕੇ ਭਾਰਤ ਅਤੇ ਹੋਰ ਦੇਸ਼ਾਂ ਤੋਂ ਕਣਕ ਦੀ ਮੰਗ ਕਰ ਰਹੇ ਹਨ।