ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਚੰਡੀਗੜ੍ਹ ਟੈਕਨੀਕਲ ਏਅਰਪੋਰਟ ‘ਤੇ ਹੋਈ ਹੈ। ਮੁਲਾਕਾਤ ਦੌਰਾਨ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਰੋਂਦੇ ਹੋਏ ਨਜ਼ਰ ਆਏ। ਉਨ੍ਹਾਂ ਹੱਥ ਜੋੜ ਕੇ ਸ਼ਾਹ ਨੂੰ ਬੇਨਤੀ ਕੀਤੀ ਕਿ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੌਜੂਦ ਸਨ।
ਮੀਟਿੰਗ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਉਸਦਾ ਕਸੂਰ ਸਿਰਫ ਇਹ ਸੀ ਕਿ ਉਹ ਇੱਕ ਛੋਟੇ ਜਿਹੇ ਪਿੰਡ ਤੋਂ ਉੱਠ ਕੇ ਮਸ਼ਹੂਰ ਹੋਇਆ ਸੀ। 6 ਦਿਨ ਹੋ ਗਏ ਹਨ ਪਰ ਅਜੇ ਤੱਕ ਕਾਤਲ ਫੜੇ ਨਹੀਂ ਗਏ। ਮੂਸੇਵਾਲਾ ਨੂੰ ਮਾਰਨ ਵਾਲੇ ਵੀ ਰਾਜਸਥਾਨ ਅਤੇ ਹਰਿਆਣਾ ਦੇ ਦੱਸੇ ਜਾ ਰਹੇ ਹਨ। ਇਸ ਲਈ ਕੇਂਦਰੀ ਏਜੰਸੀ ਤੋਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਗ੍ਰਹਿ ਮੰਤਰੀ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੂਰੀ ਮਦਦ ਕਰੇਗੀ।