ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਦੇ ਮੇਅਰ ਵੀ ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਧਿਆਨ ਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਇਸ ਦੌਰਾਨ ਇਹ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ।
ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਿਆਂ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਿਲ ਹਨ। ਮੁਹਾਲੀ ਤੋਂ ਤਿੰਨ ਵਾਰ ਵਿਧਾਇਕ ਰਹੇ ਬਲਬੀਰ ਸਿੱਧੂ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਸਨ, ਜਦਕਿ ਰਾਮਪੁਰਾ ਫੂਲ ਤੋਂ ਤਿੰਨ ਵਾਰ ਵਿਧਾਇਕ ਰਹੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਸਨ। ਕੇਵਲ ਢਿੱਲੋਂ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।