ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਪਾਰਟੀ ਸੂਤਰਾਂ ਵੱਲੋਂ ਸੋਮਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਮਾਨਸਾ ਜਾ ਕੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਸਿੱਧੂ ਮੂਸੇਵਾਲਾ ਦੀ ਪਿਛਲੇ ਦਿਨੀਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ ਸੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਾਂਗਰਸ ਨਾਲ ਜੁੜੇ ਹੋਏ ਸਨ। ਸਿੱਧੂ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਵੀ ਲੜੀ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਆਗੂ ਅਤੇ ਕਲਾਕਾਰ ਲਗਾਤਾਰ ਸਿੱਧੂ ਦੇ ਘਰ ਪਹੁੰਚ ਰਹੇ ਹਨ।