ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ‘ਚ ਰਲੇਵਾਂ ਹੋ ਜਾਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿੱਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਅਜੇ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹੋਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ ‘ਤੇ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।.
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਮਗਰੋਂ ਵੱਖਰੀ ਪਾਰਟੀ ਬਣਾਈ ਸੀ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿਸ ਵਿੱਚ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਉਹ ਆਪਣੀ ਪਾਰਟੀ ਦੇ ਉਮੀਦਵਾਰਾਂ ਸਮੇਤ ਖੁਦ ਵੀ ਪਟਿਆਲਾ ਸੀਟ ਹਾਰ ਗਏ ਸਨ।