ਜਿਵੇਂ ਜਿਵੇਂ 2022 ਨੇੜੇ ਆ ਰਿਹਾ ਹੈ, ਉਨ੍ਹਾਂ ਹੀ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ, ਦਰਅਸਲ ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਕਾਰਨ ਹਰ ਸਿਆਸੀ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿਛਲੇ ਇੱਕ ਮਹੀਨੇ ਤੋਂ ਪੰਜਾਬ ਵਿੱਚ ਲਗਾਤਾਰ ਹਰ ਇੱਕ ਸਿਆਸੀ ਪਾਰਟੀ ਵੱਲੋ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਹੁਣ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਵੱਧ ਸਮੇਂ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੋਰਚਾ ਲੈ ਕੇ ਬੈਠੇ ਹੋਏ ਹਨ।
ਕਿਸਾਨਾਂ ਲਗਾਤਰ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਦਿਨ ਰਾਤ, ਗਰਮੀ ਸਰਦੀ ਵਿੱਚ ਸਾਡੇ ਕਿਸਾਨ, ਔਰਤਾਂ, ਬੱਚੇ ਤੇ ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ‘ਚ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ 2022 ਵਿੱਚ ਪੰਜਾਬ ਵਿੱਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ‘ਚ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਫ੍ਰੀ ਦਿੱਤੀ ਕਰਵਾਈ ਜਾਵੇਗੀ।
ਸ਼ਹੀਦਾਂ ਦੇ ਪੂਰੇ ਪਰਿਵਾਰ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ। ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ ਕਿਉਂਕਿ ਇਹ ਸੰਘਰਸ਼ ਪੂਰੇ ਪੰਜਾਬੀਆਂ ਦਾ ਸੰਘਰਸ਼ ਹੈ। ਮੋਦੀ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ ਤੇ 3 ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ 2022 ਵਿੱਚ ਪੰਜਾਬ ਵਿੱਚ ਅਕਾਲੀ-ਬਸਪਾ ਦੀ ਸਰਕਾਰ ਆਏਗੀ ਤੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।