ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਜਲਵਾਯੂ ਪਰਿਵਰਤਨ, ਵਾਤਾਵਰਨ, ਖੇਤੀ ਨਾਲ ਸਬੰਧਤ ਸਮੱਸਿਆਵਾਂ ਬਾਰੇ ਕਮੇਟੀ ਵਿੱਚ ਰਾਜ ਸਭਾ ਵਿੱਚ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਚੁੱਕਣਗੇ। ਉਨ੍ਹਾਂ ਕਿਹਾ ਹਾਲੇ ਤੱਕ Syl ਦਾ ਮਸਲਾ ਹੱਲ ਨਹੀਂ ਹੋਇਆ ਕਿਉਂਕਿ ਸਿਆਸਤ ਹੁੰਦੀ ਰਹੀ ਹੈ। ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਮੱਤੇਵਾੜਾ ਦੇ ਜੰਗਲ ਨੂੰ ਕੋਈ ਨਹੀਂ ਵਿਗਾੜ ਸਕਦਾ, ਇਹ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕੋਰਟ ਵਿੱਚ ਚੱਲ ਰਿਹਾ ਹੈ। ਸਾਨੂੰ ਕੋਰਟ ਉਤੇ ਪੂਰਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਯਾਦ ਰਹੇ ਕਿ ਮੱਤੇਵਾੜਾ ਜੰਗਲ ਦੀ ਥਾਂ ਟੈਕਸਟਾਈਲ ਪਾਰਕ ਬਣਾਉਣ ਦੀ ਤਜ਼ਵੀਜ ਹੈ।
ਇਸ ਤੋਂ ਬਾਅਦ ਸੰਤ ਸੀਚੇਵਾਲ ਨੇ ਕਿਹਾ, “ਪੰਜਾਬ ਦੇ ਹਵਾ, ਪਾਣੀ ਤੇ ਮਿੱਟੀ ਨਾਲ ਜੁੜੇ ਮੁੱਦਿਆ ਨੂੰ ਪ੍ਰਮੁੱਖਤਾ ਨਾਲ ਉਠਾਵਾਂਗੇ। ਅਕਾਲ ਪੁਰਖ ਵਾਹਿਗੁਰੂ ਤੇ ਸੰਗਤਾਂ ਵੱਲੋਂ ਲਾਈ ਇਸ ਡਿਊਟੀ ਨੂੰ ਪੂਰੀ ਸੰਜਮਤਾ ਤੇ ਜ਼ਿੰਮੇਵਾਰੀ ਨਾਲ ਨਿਭਾਵਾਂਗੇ ਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਫਲਸਫੇ ਨੂੰ ਲੈ ਕੇ ਚੱਲਾਂਗੇ।” ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉੱਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੰਤ ਸੀਚੇਵਾਲ ਨੂੰ ਆਪਣੇ ਚੈਂਬਰ ਵਿਚ ਸਹੁੰ ਚੁਕਾਈ।