ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਮਾਸਟਰਮਾਇੰਡ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਵੀ ਕੀਨੀਆ ਵਿੱਚ ਹਿਰਾਸਤ ‘ਚ ਲਿਆ ਜਾ ਚੁੱਕਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਅਨਮੋਲ ਮੂਸੇਵਾਲਾ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਇਸ ਤੋਂ ਪਹਿਲਾਂ ਲਾਰੈਂਸ ਦੇ ਭਾਣਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਅਜ਼ਰਬਾਈਜਾਨ ਅਤੇ ਕੀਨੀਆ ਵਿੱਚ ਇੱਕ-ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੇ ਸੰਪਰਕ ‘ਚ ਹਾਂ। ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਦੋਵਾਂ ਦਾ ਅਪਰਾਧਿਕ ਰਿਕਾਰਡ ਵੀ ਮੰਗਿਆ ਸੀ, ਤਾਂ ਜੋ ਉਨ੍ਹਾਂ ਨੂੰ ਭਾਰਤ ਲਿਆਂਦਾ ਜਾ ਸਕੇ। ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵਿਦੇਸ਼ ਭੱਜ ਗਏ ਸਨ। ਲਾਰੈਂਸ ਨੇ ਉਨ੍ਹਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਫਰਾਰ ਕਰ ਦਿੱਤਾ ਸੀ।