ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ਵਿੱਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਜਾਵੇਗਾ। ਇਸ ਦਾ ਅਧਿਕਾਰਤ ਐਲਾਨ ਇਸ ਮਹੀਨੇ ਦੀ 19 ਤਰੀਕ ਨੂੰ ਕੀਤਾ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ।
ਪੰਜਾਬ ਵਿੱਚ ਭਾਜਪਾ ਕੋਲ ਇਸ ਵੇਲੇ ਸਿਰਫ਼ ਦੋ ਸੀਟਾਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਸਬੰਧੀ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜ ਲਿਆ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਕਰੀਬ ਪੌਣੇ ਘੰਟੇ ਤੱਕ ਮੀਟਿੰਗ ਕੀਤੀ ਸੀ। ਹਾਲਾਂਕਿ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਬਾਹਰ ਆਏ, ਪਰ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਭਾਜਪਾ ਵਿੱਚ ਰਲੇਵੇਂ ਦੇ ਸਵਾਲ ਨੂੰ ਮਹਿਜ਼ ਅਟਕਲਾਂ ਕਰਾਰ ਦਿੱਤਾ ਸੀ, ਅਮਰਿੰਦਰ ਸਿੰਘ ਨੇ 30 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਤੋਂ ਬਾਅਦ ਕੈਪਟਨ ਨੇ ਟਵਿੱਟਰ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਤੋਂ ਬਾਅਦ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਹੀ ਸਰਵਉੱਚ ਰਿਹਾ ਹੈ ਅਤੇ ਰਹੇਗਾ।