ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਜਾਣਗੇ। ਇਸ ਦੇ ਲਈ ਕੈਪਟਨ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ ‘ਚ ਸ਼ਾਮਿਲ ਹੋਣਗੇ। ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ।
ਭਾਜਪਾ ਪੰਜਾਬ ਵਿੱਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ ‘ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਰਲੇਵੇਂ ਤੋਂ ਬਾਅਦ ਪਾਰਟੀ ਲੀਡਰਸ਼ਿਪ ਕੈਪਟਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਪੰਜਾਬ ‘ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ। ਜਨਵਰੀ 2020 ਵਿੱਚ ਪੰਜਾਬ ਭਾਜਪਾ ਇਕਾਈ ਦੇ ਮੁਖੀ ਬਣੇ ਅਸ਼ਵਨੀ ਸ਼ਰਮਾ ਦਾ 3 ਸਾਲਾਂ ਦਾ ਕਾਰਜਕਾਲ ਜਨਵਰੀ-2023 ਵਿੱਚ ਖਤਮ ਹੋ ਜਾਵੇਗਾ। ਮੌਜੂਦਾ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ।