ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਰਸਤਾ ਸਾਫ਼ ਹੋ ਗਿਆ ਹੈ। ਸੈਸ਼ਨ ਦਾ ਏਜੰਡਾ ਜਾਨਣ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਸਵੇਰੇ 11 ਵਜੇ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੈਸ਼ਨ ਵਿੱਚ ਪਰਾਲੀ ਪ੍ਰਬੰਧਨ, ਜੀਐਸਟੀ, ਪਾਣੀ ਦੀ ਬੱਚਤ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਬੁਲਾਇਆ ਗਿਆ ਭਰੋਸਾ ਵੋਟ ਸੈਸ਼ਨ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਹੁਣ ਸਰਕਾਰ ਨੇ 27 ਸਤੰਬਰ ਦੇ ਸੈਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ 26 ਸਤੰਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 2:30 ਵਜੇ ਪਾਰਟੀ ਦਫ਼ਤਰ ਵਿਖੇ ਹੋਵੇਗੀ। ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਿਲ ਹੋ ਕੇ ਰਣਨੀਤੀ ਤਿਆਰ ਕਰਨ ਵਿੱਚ ਮਦਦ ਕਰ ਸਕਦੇ ਹਨ।