ਮੋਰਬੀ ਹਾਦਸੇ ਦੇ ਦੋ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਟਨਾ ਵਾਲੀ ਥਾਂ ‘ਤੇ ਪਹੁੰਚੇ ਅਤੇ ਮੱਛੂ ਨਦੀ ‘ਤੇ ਟੁੱਟੇ ਪੁਲ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਹਾਦਸੇ ਦੀ ਜਾਣਕਾਰੀ ਦਿੱਤੀ। ਦਰਅਸਲ ਇੱਥੇ ਐਤਵਾਰ ਸ਼ਾਮ ਨੂੰ ਮੱਛੂ ਨਦੀ ‘ਤੇ ਬਣਿਆ ਕੇਬਲ ਪੁਲ ਟੁੱਟ ਗਿਆ, ਜਿਸ ‘ਚ 135 ਲੋਕਾਂ ਦੀ ਮੌਤ ਹੋ ਗਈ ਸੀ। ਪੀਐਮ ਮੋਦੀ ਨੇ ਪਹਿਲਾ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਇਸ ਮਗਰੋਂ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ। ਮੋਰਬੀ ਵਿੱਚ ਬਚਾਅ ਕਾਰਜ ਜਾਰੀ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ), ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ), ਭਾਰਤੀ ਹਵਾਈ ਸੈਨਾ ਅਤੇ ਜਲ ਸੈਨਾ ਦੇ ਨਾਲ ਸਥਾਨਕ ਕਰਮਚਾਰੀ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਇਸ ਹਾਦਸੇ ‘ਤੇ ਸੋਮਵਾਰ ਰਾਤ ਨੂੰ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਘਟਨਾ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ।
ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਕਿ ਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮਿਲੇ। ਪ੍ਰਧਾਨ ਮੰਤਰੀ ਨੂੰ ਘਟਨਾ ਵਾਲੀ ਥਾਂ ‘ਤੇ ਸ਼ੁਰੂ ਕੀਤੇ ਰਾਹਤ ਅਤੇ ਬਚਾਅ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਭੂਪੇਂਦਰ ਪਟੇਲ, ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ, ਮੁੱਖ ਸਕੱਤਰ ਪੰਕਜ ਕੁਮਾਰ ਅਤੇ ਗੁਜਰਾਤ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਆਸ਼ੀਸ਼ ਭਾਟੀਆ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।