ਜਿੱਥੇ ਪੰਜਾਬ ‘ਚ ਇਸ ਸਮੇਂ ਹਵਾ ਪ੍ਰਦੂਸ਼ਣ ਖ਼ਤਰਨਾਕ ਸ਼੍ਰੇਣੀ ‘ਚ ਪਹੁੰਚਿਆ ਹੋਇਆ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਖ਼ਤਰਨਾਕ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਇਸ ਦੇ ਮੱਦੇਨਜ਼ਰ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਫੈਕਟਰੀਆਂ ਅਤੇ ਨਿਰਮਾਣ ਸਾਈਟਾਂ ਨੂੰ ਬੰਦ ਕਰਨ, ਡੀਜ਼ਲ ਨਾਲ ਚੱਲਣ ਵਾਲੇ ਵਾਹਨਾਂ ‘ਤੇ ਪਾਬੰਦੀ ਲਗਾਉਣ ਅਤੇ ਪਾਣੀ ਦੇ ਛਿੜਕਾਅ ਅਤੇ ਐਂਟੀ-ਸਮੋਗ ਗੰਨਾਂ ਨੂੰ ਤਾਇਨਾਤ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਔਡ-ਈਵਨ ਪ੍ਰਣਾਲੀ ਨੂੰ ਲਾਗੂ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਏਮਜ਼ ਦੇ ਸਾਬਕਾ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਨੇ ਹਵਾ ਪ੍ਰਦੂਸ਼ਣ ਨੂੰ Silent Killer ਕਰਾਰ ਦਿੱਤਾ ਹੈ।
ਡਾ: ਗੁਲੇਰੀਆ ਨੇ ਬੱਚਿਆਂ, ਬਜ਼ੁਰਗਾਂ ਅਤੇ ਸਾਹ, ਦਿਲ ਅਤੇ ਹੋਰ ਸਿਹਤ ਸਮੱਸਿਆਵਾਂ ਵਾਲੇ ਲੋਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਦਿਨ ਵੇਲੇ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਦੀ ਅਪੀਲ ਵੀ ਕੀਤੀ ਹੈ। ਡਾ: ਗੁਲੇਰੀਆ ਨੇ ਕਿਹਾ ਹੈ ਕਿ ਬੱਚਿਆਂ, ਬਜ਼ੁਰਗਾਂ ਅਤੇ ਜਿਨ੍ਹਾਂ ਦੇ ਫੇਫੜੇ ਅਤੇ ਦਿਲ ਕਮਜ਼ੋਰ ਹਨ, ਉਨ੍ਹਾਂ ਨੂੰ ਅਜਿਹੀਆਂ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ ਜਿੱਥੇ ਪ੍ਰਦੂਸ਼ਣ ਹੋਵੇ, ਜੇਕਰ ਤੁਸੀਂ ਜਾਣਾ ਚਾਹੁੰਦੇ ਹੋ ਤਾਂ ਦਿਨ ਦੇ ਸਮੇਂ ਜਾਓ ਜਦੋਂ ਧੁੱਪ ਹੋਵੇ ਅਤੇ ਮਾਸਕ ਜਰੂਰ ਪਾਓ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਸਵੇਰੇ 9.30 ਵਜੇ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 426 (ਗੰਭੀਰ) ਸ਼੍ਰੇਣੀ ਵਿੱਚ ਸੀ। ਮਾਹਿਰਾਂ ਦੇ ਅਨੁਸਾਰ, 400 ਤੋਂ ਵੱਧ AQI ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ ਅਤੇ ਇਹ ਸਿਹਤਮੰਦ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਮੌਜੂਦਾ ਬਿਮਾਰੀਆਂ ਵਾਲੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦਾ ਹੈ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਉਹ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਲਈ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਤੋਂ ਸੰਤੁਸ਼ਟ ਨਹੀਂ ਹੈ। ਦਿੱਲੀ ਵਿੱਚ ਪ੍ਰਦੂਸ਼ਣ ਘਟਾਉਣ ਲਈ “ਬਹੁਤ ਕੁਝ” ਕਰਨ ਦੀ ਲੋੜ ਹੈ।
ਦਿੱਲੀ-ਐਨਸੀਆਰ ਦੇ ਹਸਪਤਾਲਾਂ ਵਿੱਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਲੋਕ ਦਮੇ, ਬ੍ਰੌਨਕਾਈਟਸ ਅਤੇ ਸੀਓਪੀਡੀ ਤੋਂ ਪੀੜਤ ਹਨ। ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਕਦੇ ਵੀ ਅਜਿਹੀ ਬੀਮਾਰੀ ਨਹੀਂ ਸੀ। ਉਨ੍ਹਾਂ ਵਿੱਚ ਵੀ ਇਨ੍ਹਾਂ ਬਿਮਾਰੀਆਂ ਦੇ ਲੱਛਣ ਦਿਖਾਈ ਦੇ ਰਹੇ ਹਨ। ਪ੍ਰਦੂਸ਼ਣ ਦਾ ਅਸਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਬੱਚਿਆਂ ਵਿੱਚ ਆਰਐਸਵੀ ਇਨਫੈਕਸ਼ਨ ਅਤੇ ਨਿਮੋਨੀਆ ਦੀਆਂ ਸ਼ਿਕਾਇਤਾਂ ਦੇਖਣ ਨੂੰ ਮਿਲ ਰਹੀਆਂ ਹਨ।
ਡਾਕਟਰ ਗੁਲੇਰੀਆ ਦਾ ਕਹਿਣਾ ਹੈ ਕਿ ਇਸ ਸਮੇਂ ਲੋਕਾਂ ਨੂੰ ਬਿਨਾਂ ਕਾਰਨ ਬਾਹਰ ਜਾਣ ਤੋਂ ਬਚਣਾ ਚਾਹੀਦਾ ਹੈ। ਇਸ ਸਮੇਂ ਇਹ ਜ਼ਰੂਰੀ ਹੈ ਕਿ ਲੋਕ ਆਪਣੇ ਸਰੀਰ ਨੂੰ ਹਾਈਡਰੇਟ ਰੱਖਣ। ਧੂੜ, ਧੂੰਏਂ ਅਤੇ ਪ੍ਰਦੂਸ਼ਣ ਤੋਂ ਬਚੋ ਅਤੇ ਜੇਕਰ ਤੁਹਾਨੂੰ ਸਾਹ ਦੀ ਕੋਈ ਸਮੱਸਿਆ ਹੈ ਤਾਂ ਡਾਕਟਰ ਦੀ ਸਲਾਹ ਲਓ।