ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਨੂੰ ਇੰਗਲੈਂਡ (ਯੂਕੇ) ਲਈ ਰਵਾਨਾ ਹੋਏ ਹਨ। ਉਨ੍ਹਾਂ ਨੇ ਚੰਡੀਗੜ੍ਹ ਤੋਂ ਫਲਾਈਟ ਲਈ ਸੀ। ਮੂਸੇਵਾਲਾ ਦੇ ਮਾਤਾ-ਪਿਤਾ ਦੇ ਵਿਦੇਸ਼ ਜਾਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਹਲਚਲ ਮਚ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਮਹੀਨੇ ਪੰਜਾਬ ਸਰਕਾਰ ਨੂੰ ਆਪਣੇ ਪੁੱਤਰ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਕਰਨ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਸੀ। ਬਲਕੌਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਬੇਟੇ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਉਹ ਵਿਦੇਸ਼ ਜਾ ਵਸਣਗੇ। ਹਾਲਾਂਕਿ ਹੁਣ ਮੂਸੇਵਾਲਾ ਦੇ ਪਰਿਵਾਰ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਦੋਵੇਂ ਜਲਦੀ ਹੀ ਭਾਰਤ ਪਰਤਣਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਦੇਖਿਆ ਗਿਆ ਸੀ। ਤਸਵੀਰਾਂ ‘ਚ ਦੋਵੇਂ ਏਅਰਪੋਰਟ ਦੇ ਅੰਦਰ ਜਾ ਕੇ ਇਮੀਗ੍ਰੇਸ਼ਨ ਚੈੱਕ-ਇਨ ਕਰਦੇ ਨਜ਼ਰ ਆ ਰਹੇ ਹਨ। ਇੱਕ ਤਸਵੀਰ ਵਿੱਚ ਦੋਵੇਂ ਫਲਾਈਟ ਦੇ ਅੰਦਰ ਬੈਠੇ ਵੀ ਨਜ਼ਰ ਆ ਰਹੇ ਹਨ। ਇੰਗਲੈਂਡ ਰਹਿੰਦੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਕੜੀ ਵਿੱਚ ਉਨ੍ਹਾਂ ਵੱਲੋਂ 24 ਨਵੰਬਰ ਨੂੰ ਇੰਗਲੈਂਡ ਦੀ ਪਾਰਲੀਮੈਂਟ ਦੇ ਬਾਹਰ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਮੂਸੇਵਾਲਾ ਦੇ ਮਾਪੇ ਇੰਗਲੈਂਡ ਗਏ ਹੋਏ ਹਨ।
ਮੂਸੇਵਾਲਾ ਦੇ ਮਾਪੇ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਮੂਸੇਵਾਲਾ ਦੇ ਕਤਲ ‘ਚ ਸ਼ਾਮਿਲ ਗੈਂਗਸਟਰ ਟੀਨੂੰ ਦੇ ਦੋ ਮਹੀਨੇ ਪਹਿਲਾਂ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਤੋਂ ਬਾਅਦ ਦੋਵੇਂ ਹੀ ਹੌਂਸਲੇ ਹਾਰਦੇ ਨਜ਼ਰ ਆ ਰਹੇ ਸੀ। ਉਦੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦੇਣਗੇ। ਜੇਕਰ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲਦਾ ਹੈ ਤਾਂ ਠੀਕ ਨਹੀਂ ਤਾਂ ਉਹ ਆਪਣੇ ਪੁੱਤਰ ਦੇ ਕਤਲ ਨਾਲ ਸਬੰਧਿਤ ਸ਼ਿਕਾਇਤ ਵਾਪਿਸ ਲੈ ਕੇ ਵਿਦੇਸ਼ ਚੱਲੇ ਜਾਣਗੇ।
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵੀ ਕੁੱਝ ਦਿਨ ਪਹਿਲਾਂ ਦਸਤਖਤ ਮੁਹਿੰਮ ਸ਼ੁਰੂ ਕੀਤੀ ਸੀ। ਇਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ ਸੀ। ਉਹ ਦਰਖਾਸਤ ਲੈ ਕੇ ਪੰਜਾਬ ਦੇ ਡੀਜੀਪੀ ਨੂੰ ਵੀ ਮਿਲਣ ਪਹੁੰਚੇ ਸਨ। ਕੁੱਝ ਦਿਨ ਪਹਿਲਾਂ ਇਕ ਭਾਸ਼ਣ ਦੌਰਾਨ ਪੰਜਾਬ ਨੂੰ ਅਸੁਰੱਖਿਅਤ ਦੱਸਦੇ ਹੋਏ ਦੋਵਾਂ ਨੇ ਕਿਹਾ ਸੀ ਕਿ ਹੁਣ ਇੱਥੇ ਸਾਰਿਆਂ ਨੂੰ ਆਪਣੀ ਰੱਖਿਆ ਆਪ ਹੀ ਕਰਨੀ ਪਵੇਗੀ।
ਮਾਨਸਾ ਦੇ ਇੱਕ ਪਿੰਡ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਅਤੇ ਕੈਨੇਡਾ ‘ਚ ਬੈਠੇ ਉਸ ਦੇ ਸਾਥੀ ਗੋਲਡੀ ਬਰਾੜ ਨੇ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 25 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਦੇਸ਼ ‘ਚ ਬੈਠੇ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।