ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਚਲਾਈ ਜਾ ਰਹੀ ਭਾਰਤ ਜੋੜੋ ਯਾਤਰਾ ਇਸ ਸਮੇਂ ਰਾਜਸਥਾਨ ‘ਚ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚਣ ਦੀ ਸੰਭਾਵਨਾ ਹੈ। ਪਰ ਕਾਂਗਰਸ ਨੂੰ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕੁੱਝ ਸ਼ੰਕੇ ਹਨ। ਇਨ੍ਹਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਰਾਜ ਹੈ, ਇਸ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਜ ਵਿੱਚ ਯਾਤਰਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਕੀਤੀ।
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਅਤੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਕੀਤੀ। ਵਫ਼ਦ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ.ਸਿੰਘ ਸ਼ਾਮਿਲ ਸਨ।
ਵੜਿੰਗ ਨੇ ਕਿਹਾ ਕਿ ਅਗਲੇ ਮਹੀਨੇ ਪੰਜਾਬ ਵਿੱਚ ਦਾਖ਼ਲ ਹੋਣ ਜਾ ਰਹੀ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਅਤੇ ਸੁਚਾਰੂ ਯਾਤਰਾ ਲਈ ਮੁੱਖ ਮੰਤਰੀ ਨੂੰ ਪ੍ਰਸ਼ਾਸਨਿਕ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਸੂਬੇ ਦੇ ਕਾਂਗਰਸੀ ਆਗੂਆਂ ਨੇ ਭਾਰਤ ਜੋੜੋ ਯਾਤਰਾ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਭਾਰਤ ਜੋੜੋ ਯਾਤਰਾ ਪੰਜਾਬ ਦੇ ਫਤਿਹਗੜ੍ਹ ਜਾਂ ਰਾਜਪੁਰਾ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਜਲੰਧਰ, ਬਿਆਸ, ਗੁਰਦਾਸਪੁਰ ਤੋਂ ਹੁੰਦੀ ਹੋਈ ਪਠਾਨਕੋਟ ਜਾਵੇਗੀ।