ਨਵੇਂ ਸਾਲ ਦੇ ਮੌਕੇ ‘ਤੇ ਅੱਤਵਾਦੀ ਵੱਡੀ ਸਾਜ਼ਿਸ਼ ਰਚ ਸਕਦੇ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ। ਕੇਂਦਰੀ ਖੁਫੀਆ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ‘ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰਾਂ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ, ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਸਨ। ਪਿਛਲੇ ਕਈ ਮਹੀਨਿਆਂ ਤੋਂ ਪਾਕਿਸਤਾਨ ਸਰਹੱਦ ਪਾਰੋਂ ਡਰੋਨਾਂ ਦੇ ਮਾਮਲੇ ਵੀ ਵਧੇ ਹਨ, ਜਿਸ ਨਾਲ ਨਜਿੱਠਣ ਲਈ ਬੀ.ਐਸ.ਐਫ. ਤਿਆਰ ਰਹਿੰਦੀ ਹੈ।
ਹਾਲ ਹੀ ਵਿੱਚ, ਤਰਨਤਾਰਨ ਪੁਲਿਸ ਨੇ ਮੰਗਲਵਾਰ ਨੂੰ ਸਰਹਾਲੀ ਪੁਲਿਸ ਸਟੇਸ਼ਨ ‘ਤੇ ਰਾਕੇਟ-ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੀ ਅਗਲੀ ਜਾਂਚ ਵਿੱਚ ਇੱਕ ਸਬ ਮਾਡਿਊਲ ਦਾ ਪਰਦਾਫਾਸ਼ ਕੀਤਾ, ਜੋ ਕਿ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ। ਪੁਲਿਸ ਨੇ ਸਬ-ਮੌਡਿਊਲ ਦੇ ਤਿੰਨ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ ਅਤੇ ਇੱਕ ਲੋਡਿਡ ਆਰਪੀਜੀ ਅਤੇ ਇੱਕ ਰਾਕੇਟ ਲਾਂਚਰ ਬਰਾਮਦ ਕੀਤਾ ਹੈ।