ਪੰਜਾਬ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਵਾਰ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਡਾਕਟਰ ਨਵਜੋਤ ਕੌਰ ਸਿੱਧੂ ਹੋ ਸਕਦੇ ਹਨ। ਇਸ ਸਮੇਂ ਪ੍ਰਨੀਤ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਹਨ। ਹਾਲ ਹੀ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੀਆਂ ਚੋਣਾਂ ਵਿੱਚ ਪ੍ਰਨੀਤ ਕੌਰ ਭਾਜਪਾ ਵੱਲੋਂ ਚੋਣ ਲੜ ਸਕਦੀ ਹੈ।
ਇਸ ਕਾਰਨ ਕਾਂਗਰਸ ਪਟਿਆਲਾ ਸੀਟ ਤੋਂ ਡਾ: ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇਣ ‘ਤੇ ਵਿਚਾਰ ਕਰ ਸਕਦੀ ਹੈ। ਪਿਛਲੇ ਦਿਨੀਂ ਇੱਕ ਧਾਰਮਿਕ ਸਮਾਗਮ ਦੌਰਾਨ ਡਾ: ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਅਤੇ ਪਿਆਰ ਮਿਲੇ ਤਾਂ ਉਹ ਯਕੀਨੀ ਤੌਰ ‘ਤੇ ਚੋਣ ਲੜ ਸਕਦੇ ਹਨ। ਨਵਜੋਤ ਸਿੰਘ ਸਿੱਧੂ ਬਹੁਤ ਕੁੱਝ ਸਿੱਖ ਕੇ ਜੇਲ੍ਹ ‘ਚੋਂ ਬਾਹਰ ਆਉਣਗੇ ਅਤੇ ਜਨਤਾ ਦੀ ਸੇਵਾ ‘ਚ ਦੁੱਗਣੀ ਤਾਕਤ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਵੀ ਕਈ ਵੱਡੇ ਅਹੁਦਿਆਂ ਤੋਂ ਇਨਕਾਰ ਕਰ ਚੁੱਕੇ ਹਨ। ਸਿੱਧੂ ਨੇ ਪੰਜਾਬ ਦੀ ਖੁਸ਼ਹਾਲੀ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ। ਪਿਛਲੇ ਦਿਨੀਂ ਜਦੋਂ ‘ਆਪ’ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਕੈਬਨਿਟ ਦੀ ਮੀਟਿੰਗ ਨਹੀਂ ਬੁਲਾਈ ਤਾਂ ਨਵਜੋਤ ਕੌਰ ਨੇ ‘ਆਪ’ ਸਰਕਾਰ ‘ਤੇ ਕਈ ਵਾਰ ਕੀਤੇ ਸਨ।