ਸੀਐਮ ਕੇਜਰੀਵਾਲ ਨੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ‘ਤੇ ਵਰ੍ਹਦਿਆਂ ਕਿਹਾ ਕਿ ਜੇਕਰ ਸਿਸੋਦੀਆ ਅੱਜ ਭਾਜਪਾ ‘ਚ ਸ਼ਾਮਿਲ ਹੁੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਸਾਰੇ ਮਾਮਲੇ ਖਤਮ ਹੋ ਜਾਣਗੇ ਅਤੇ ਕੱਲ੍ਹ ਉਹ ਜੇਲ੍ਹ ਤੋਂ ਵੀ ਬਾਹਰ ਆ ਜਾਣਗੇ। ਇਸ ਦੇ ਨਾਲ ਹੀ ਸੀਐਮ ਨੇ ਦੇਸ਼ ਦੇ ਪ੍ਰਧਾਨ ਮੰਤਰੀ ਪੀਐਮ ਮੋਦੀ ‘ਤੇ ਦਿੱਲੀ ਦੇ ਚੰਗੇ ਕੰਮਕਾਜ ਨੂੰ ਰੋਕਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਦਿੱਲੀ ਦੇ ਸਾਬਕਾ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ‘ਤੇ ਮਾਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਹੋ ਰਹੇ ਚੰਗੇ ਕੰਮ ਨੂੰ ਰੋਕਣ ਲਈ ਸਿਸੋਦੀਆ ਅਤੇ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਜਪਾ ਨੂੰ ਲਲਕਾਰਦਿਆਂ ਕਿਹਾ ਕਿ ‘ਆਪ’ ਤੂਫ਼ਾਨ ਹੈ। ਹੁਣ ਅਸੀਂ ਰੁਕਣ ਵਾਲੇ ਨਹੀਂ ਅਤੇ ਸਾਡਾ ਸਮਾਂ ਆ ਗਿਆ ਹੈ।ਉਨ੍ਹਾਂ ਦੋਸ਼ ਲਾਇਆ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਸਿਸੋਦੀਆ ਦੀ ਗ੍ਰਿਫ਼ਤਾਰੀ ਸਿਰਫ਼ ਇੱਕ ਬਹਾਨਾ ਹੈ। ਅਸਲ ਉਦੇਸ਼ ਚੰਗੇ ਕੰਮਾਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਹੁਣ ਨਵੇਂ ਮੰਤਰੀ ਸਰਕਾਰ ਦੇ ਚੰਗੇ ਕੰਮਾਂ ਨੂੰ ਦੁੱਗਣੀ ਰਫ਼ਤਾਰ ਨਾਲ ਜਾਰੀ ਰੱਖਣਗੇ। ਸੀਐਮ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਾਡੀ ਜਿੱਤ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਪਰ ਉਹ ਕਹਿਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਇੱਕ ਤੂਫ਼ਾਨ ਹੈ, ਜੋ ਰੁਕਣ ਵਾਲਾ ਨਹੀਂ ਹੈ।