ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪ੍ਰਮੁੱਖ ਵਿਸ਼ਵ ਨੇਤਾ ਬਣਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਸ਼ਵ ਪੱਧਰ ‘ਤੇ ਸਾਰੇ ਨੇਤਾਵਾਂ ਵਿੱਚੋਂ ਸਭ ਤੋਂ ਵੱਧ ਹਰਮਨ ਪਿਆਰੇ ਹਨ। ਉਨ੍ਹਾਂ ਕਿਹਾ, ”ਪੀਐੱਮ ਮੋਦੀ ਦੁਨੀਆ ਭਰ ਦੇ ਸਾਰੇ ਨੇਤਾਵਾਂ ‘ਚੋਂ ਸਭ ਤੋਂ ਵੱਧ ਪਿਆਰੇ ਹਨ। ਇਹ ਸਾਬਿਤ ਹੋ ਗਿਆ ਹੈ ਕਿ ਉਹ ਵਿਸ਼ਵ ਦੇ ਇੱਕ ਉੱਘੇ ਨੇਤਾ ਹਨ ਅਤੇ ਇਸ ਲਈ ਉਨ੍ਹਾਂ ਨੂੰ ਵਧਾਈਆਂ। ਮੇਲੋਨੀ ਨਵੀਂ ਦਿੱਲੀ ਵਿੱਚ ਹੈਦਰਾਬਾਦ ਹਾਊਸ ਵਿੱਚ ਆਪਣੇ ਭਾਰਤੀ ਹਮਰੁਤਬਾ ਨਾਲ ਦੁਵੱਲੀ ਗੱਲਬਾਤ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਇਟਲੀ ਦਾ ਉਦੇਸ਼ ਰੱਖਿਆ-ਊਰਜਾ ਸੁਰੱਖਿਆ ਦੇ ਨਾਲ-ਨਾਲ ਸਾਈਬਰ ਸੁਰੱਖਿਆ ਅਤੇ ਹੋਰ ਖੇਤਰਾਂ ਵਿੱਚ ਭਾਰਤ ਨਾਲ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਣਨੀਤਕ ਭਾਈਵਾਲ ਬਣਨ ਦਾ ਫੈਸਲਾ ਕੀਤਾ ਕਿਉਂਕਿ ਸਾਡਾ ਰਿਸ਼ਤਾ ਬਹੁਤ ਮਜ਼ਬੂਤ ਹੈ।” ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੇ ਸ਼ੁਰੂ ਤੋਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਯੂਕਰੇਨ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਇਹ ਖੁਸ਼ੀ ਦੀ ਗੱਲ ਹੈ ਕਿ ਇਟਲੀ ਨੇ ਇੰਡੋ-ਪੈਸੀਫਿਕ ਓਸ਼ਨ ਇਨੀਸ਼ੀਏਟਿਵ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਅਤੇ ਇਟਲੀ ਅੱਤਵਾਦ ਅਤੇ ਵੱਖਵਾਦ ਵਿਰੁੱਧ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਪ੍ਰਧਾਨ ਮੰਤਰੀ ਮੇਲੋਨੀ 8ਵੇਂ ਰਾਇਸੀਨਾ ਡਾਇਲਾਗ 2023 ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲੈਣ ਲਈ ਵੀਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਰਾਸ਼ਟਰਪਤੀ ਭਵਨ ‘ਚ ਸਵਾਗਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੇ ਪਹਿਲੇ ਦੌਰੇ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇਟਲੀ ਦੀ ਮਹਿਲਾ ਅਤੇ ਸਭ ਤੋਂ ਛੋਟੀ ਉਮਰ ਦੀ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ।