ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦਾ ਐਕਸਟੈਨਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਨੂੰ ਪਿਛਲੇ ਮਹੀਨੇ ਵੀ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪਰ ਇਸ ਮਗਰੋਂ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਯੂ-ਟਰਨ ਲੈਂਦਿਆਂ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ 18 ਸਤੰਬਰ 2020 ਨੂੰ ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਲਈ ਤਿੰਨ ਸਾਲ ਦਾ ਵਾਧਾ ਕਰ ਦਿੱਤਾ ਸੀ। ਸਰਕਾਰ ਬਦਲਣ ‘ਤੇ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮਨੀਸ਼ਾ ਗੁਲਾਟੀ ਵੀ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਗਏ ਸੀ ਪਰ ਮਿਆਦ ਵਧਣ ਕਾਰਨ ਉਨ੍ਹਾਂ ਦੀ ਕੁਰਸੀ ਬਚ ਗਈ ਸੀ।