ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਚਲਾਈ ਮੁਹਿੰਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਂਤੀ ਬਣਾਈ ਰੱਖਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਕੁੱਝ ਲੋਕ ਪਿਛਲੇ ਸਮੇਂ ਵਿੱਚ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਜਿਨ੍ਹਾਂ ਨੂੰ ਫੜ ਲਿਆ ਗਿਆ ਹੈ। ਦੂਜਿਆਂ ਦੇ ਪੁੱਤਾਂ ਨੂੰ ਗਲਤ ਦਿਸ਼ਾ ਵੱਲ ਲਿਜਾਣਾ ਆਸਾਨ ਹੈ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ਵਾਲੀ ਸਰਕਾਰ ਹੈ। ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਧਰਮ ਨਿਰਪੱਖ ਹੈ। ਉਸ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਵੱਡੀ ਹੈ। ਜੇਕਰ ਪੰਜਾਬ ਵਿੱਚ ਦੇਸ਼ ਵਿਰੁੱਧ ਕੋਈ ਤਾਕਤ ਵਧੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ‘ਤੇ ਮਾੜੀ ਨਜ਼ਰ ਰੱਖੇਗਾ ਤਾਂ ਪੰਜਾਬ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਪੰਜਾਬੀਆਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਪ੍ਰਭਾਵ ਹੇਠ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਨਫਰਤ ਭਰੇ ਭਾਸ਼ਣ ਦੇ ਰਹੇ ਸਨ ਅਤੇ ਕੁਝ ਕਾਨੂੰਨ ਵਿਰੁੱਧ ਬੋਲ ਰਹੇ ਸਨ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਉਹ ਸਾਰੇ ਫੜੇ ਗਏ ਹਨ। ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਭਰ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ। ਪੂਰੇ ਪੰਜਾਬ ਵਿੱਚ ਕਿਧਰੇ ਵੀ ਪੱਥਰ ਮਾਰਨ ਦੀ ਖ਼ਬਰ ਨਹੀਂ ਸੀ। ਇਸ ਨਾਲ ਉਨ੍ਹਾਂ ਦਾ ਹੌਂਸਲਾ ਵੀ ਵਧਿਆ ਹੈ। ਇਸ ਤੋਂ ਸਾਫ਼ ਹੈ ਕਿ ‘ਆਪ’ ਤਰੱਕੀ ਦੀ ਰਾਜਨੀਤੀ ਕਰਦੀ ਹੈ, ਸਿਧਾਂਤਾਂ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ।