ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਨੇ ਮੰਗਲਵਾਰ ਨੂੰ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਵਿਧਾਨ ਸਭਾ ਚੋਣਾਂ ‘ਚ ਆਪ ਦੀ ਲਹਿਰ ਦੇ ਬਾਵਜੂਦ ਸੁਖਵਿੰਦਰ ਕੁਮਾਰ ਸੁੱਖੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ ਇੰਨ੍ਹਾਂ ਹੀ ਨਹੀਂ 2017 ‘ਚ ਵੀ ਉਨ੍ਹਾਂ ਜਿੱਤ ਦਰਜ ਕੀਤੀ ਸੀ। ਉਮੀਦਵਾਰ ਵੱਜੋਂ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਮੰਗਲਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ‘ਚ ਸੁਖਬੀਰ ਬਾਦਲ ਨੇ ਸੁੱਖੀ ਦੇ ਨਾਂ ਦਾ ਐਲਾਨ ਕੀਤਾ। ਇਸ ਦੌਰਾਨ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਡਾ: ਦਲਜੀਤ ਸਿੰਘ ਚੀਮਾ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ, ਸੀਨੀਅਰ ਬਸਪਾ ਆਗੂ ਬਲਵਿੰਦਰ ਕੁਮਾਰ ਆਦਿ ਹਾਜ਼ਿਰ ਸਨ |
ਦੱਸ ਦੇਈਏ ਇਸ ਸਾਲ ਜਨਵਰੀ ‘ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਕਾਰਨ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਚੋਣ ਮੈਦਾਨ ਵਿੱਚ ਹਨ।