ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਬਾਦਲ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਤੇ ਹੋਰ ਮੈਂਬਰਾਂ ਨੇ ਦਿਖਾਈ। ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ, ਉਥੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ 10 ਵਜੇ ਤੋਂ ਪਿੰਡ ਬਾਦਲ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਜਿੱਥੇ ਲੋਕਾਂ ਨੇ ਆਪਣੇ ਪਿਆਰੇ ਨੇਤਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਕਰੀਬ 12:30 ਵਜੇ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਹੋਈ। ਅਰਦਾਸ ਉਪਰੰਤ ਬਾਦਲ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਣ ਦੀ ਰਸਮ ਅਦਾ ਕੀਤੀ ਗਈ।
ਕਰੀਬ ਡੇਢ ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਜੱਦੀ ਰਿਹਾਇਸ਼ ਤੋਂ ਸ਼ੁਰੂ ਹੋ ਕੇ ਲੰਬੀ ਰੋਡ ‘ਤੇ ਸਥਿਤ ਗਰਾਊਂਡ ਤੱਕ ਪਹੁੰਚੀ, ਜਿੱਥੇ ਪ੍ਰਕਾਸ਼ ਸਿੰਘ ਬਾਦਲ ਦੇ ਕਿੰਨੂ ਦੇ ਬਾਗ ਨੂੰ ਕੱਟ ਕੇ ਅੰਤਿਮ ਸੰਸਕਾਰ ਲਈ ਜ਼ਮੀਨ ਤਿਆਰ ਕੀਤੀ ਗਈ ਸੀ। ਇਹ ਯਾਤਰਾ ਕਰੀਬ 1:30 ਵਜੇ ਇੱਥੇ ਪੁੱਜੀ। ਇੱਥੇ ਵੱਖ-ਵੱਖ ਕੇਂਦਰੀ ਅਤੇ ਹੋਰ ਰਾਜਾਂ ਦੇ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ।