ਕੈਨੇਡਾ ਵਿੱਚ ਇੱਕ ਵਾਰ ਫਿਰ ਇੱਕ ਭਾਰਤੀ ਨਾਗਰਿਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਕੈਨੇਡਾ ‘ਚ ਕਬੱਡੀ ਪ੍ਰਮੋਟਰ ਨੀਟੂ ਕੰਗ ‘ਤੇ ਉਨ੍ਹਾਂ ਦੇ ਘਰ ਦੇ ਬਾਹਰ ਜਾਨਲੇਵਾ ਹਮਲਾ ਹੋਇਆ ਹੈ। ਨੀਟੂ ਕੰਗ ‘ਤੇ ਇਹ ਹਮਲਾ ਕੈਨੇਡਾ ਦੇ ਸਰੀ ‘ਚ ਉਨ੍ਹਾਂ ਦੇ ਘਰ ਦੇ ਬਾਹਰ ਹੋਇਆ ਹੈ। ਦੱਸਿਆ ਗਿਆ ਹੈ ਕਿ ਹਮਲਾਵਰ ਪਹਿਲਾਂ ਹੀ ਕੰਗ ਦੇ ਘਰ ਦੇ ਬਾਹਰ ਬੈਠੇ ਸਨ ਅਤੇ ਉਹ ਉਨ੍ਹਾਂ ਦੇ ਬਾਹਰ ਆਉਣ ਦੀ ਉਡੀਕ ਕਰ ਰਹੇ ਸਨ। ਜਿਵੇਂ ਹੀ ਨੀਟੂ ਕੰਗ ਆਪਣੇ ਘਰ ਤੋਂ ਬਾਹਰ ਆਏ ਤਾਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਹਮਲੇ ਦੌਰਾਨ ਕਈ ਗੋਲੀਆਂ ਉਨ੍ਹਾਂ ਦੇ ਕੋਲੋਂ ਲੰਘ ਗਈਆਂ। ਪਰ ਇਸ ਦੌਰਾਨ ਦੋ ਗੋਲੀਆਂ ਉਨ੍ਹਾਂ ਨੂੰ ਲੱਗ ਗਈਆਂ। ਇਸ ਦੌਰਾਨ ਇੱਕ ਗੋਲੀ ਉਨ੍ਹਾਂ ਦੇ ਢਿੱਡ ਵਿੱਚ ਲੱਗੀ ਅਤੇ ਦੂਜੀ ਗੋਲੀ ਲੱਤ ਵਿੱਚ ਲੱਗੀ। ਗੋਲੀ ਲੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਕੰਗ ਵਿਸ਼ਵ ਭਰ ਵਿੱਚ ਕਬੱਡੀ ਪ੍ਰਮੋਟਰ ਵਜੋਂ ਜਾਣੇ ਜਾਂਦੇ ਹਨ। ਕੰਗ ਉੱਤਰੀ ਭਾਰਤ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ (NICKF) ਦੇ ਇੱਕ ਪ੍ਰਮੁੱਖ ਮੈਂਬਰ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਨੀਟੂ ਨੂੰ ਨਿਸ਼ਾਨਾ ਬਣਾ ਕੇ ਮੌਕੇ ਤੋਂ ਫਰਾਰ ਹੋ ਗਏ। ਨੀਟੂ ‘ਤੇ ਹਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਫਿਲਹਾਲ ਪੁਲਿਸ ਨੀਟੂ ‘ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਕਰ ਰਹੀ ਹੈ। ਗੋਲੀ ਲੱਗਣ ਤੋਂ ਬਾਅਦ ਨੀਤੂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਹ ਅਜੇ ਵੀ ਇੱਥੇ ਇਲਾਜ ਅਧੀਨ ਹਨ। ਦੱਸਿਆ ਜਾ ਰਿਹਾ ਹੈ ਕਿ ਨੀਟੂ ਕੰਗ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਹ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਦੇ ਪਿੰਡ ਉੱਗੀ ਦੇ ਰਹਿਣ ਵਾਲੇ ਹਨ।
ਘਟਨਾ ਨਾਲ ਸਬੰਧਿਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਮਲਾਵਰ ਉਨ੍ਹਾਂ ਦੇ ਘਰ ਦੇ ਬਾਹਰ ਡਰਾਈਵਵੇਅ ‘ਤੇ ਉਡੀਕ ਕਰ ਰਹੇ ਸਨ। ਜਿਵੇਂ ਹੀ ਉਹ ਬਾਹਰ ਆਉਂਦੇ ਹਨ, ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ। ਨੀਟੂ ਕੰਗ ਪਿਛਲੇ 20 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ।