ਬੁੱਧਵਾਰ ਨੂੰ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦੇ ਨਾਲ-ਨਾਲ ਨਵੇਂ ਸ਼ਾਮਿਲ ਕੀਤੇ ਗਏ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਵੀ ਸੌਂਪ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਵੀ ਘਟਾਇਆ ਗਿਆ ਹੈ। ਨਵ-ਨਿਯੁਕਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ, ਪਸ਼ੂ ਪਾਲਣ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਦੇ ਨਾਲ ਹੀ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਕੁਲਦੀਪ ਸਿੰਘ ਧਾਲੀਵਾਲ ਤੋਂ ਦੋ ਅਹਿਮ ਵਿਭਾਗ ਵਾਪਿਸ ਲੈ ਲਏ ਗਏ ਹਨ। ਉਨ੍ਹਾਂ ਤੋਂ ਪੰਚਾਇਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਲੈ ਲਿਆ ਗਿਆ ਹੈ। ਹੁਣ ਉਨ੍ਹਾਂ ਕੋਲ ਐਨਆਰਆਈ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਰਹਿ ਗਿਆ ਹੈ। ਜਦਕਿ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਵਿਭਾਗ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।