ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਪਿਛਲੇ ਹਫਤੇ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ ‘ਤੇ ਮੁੱਖ ਮੰਤਰੀ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਭੇਜਿਆ ਸੀ। ਪਰ ਹੁਣ ਸੂਤਰਾਂ ਮੁਤਾਬਿਕ ਸੂਬਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਦੀ ਸੀਐਮ ਸੁਰੱਖਿਆ ਟੀਮ ਵੱਲੋਂ ਮੁੱਖ ਮੰਤਰੀ ਮਾਨ ਨੂੰ ਦਿੱਤੀ ਜਾ ਰਹੀ ਸੁਰੱਖਿਆ ਕਾਫੀ ਅਤੇ ਤਸੱਲੀਬਖਸ਼ ਹੈ। ਅਜਿਹੇ ਵਿੱਚ ਮੁੱਖ ਮੰਤਰੀ ਨੂੰ ਪੰਜਾਬ ਅਤੇ ਦਿੱਲੀ ਵਿੱਚ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ।
ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਬਾਅਦ ਮੁੱਖ ਮੰਤਰੀ ਨੂੰ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਮੁਸ਼ਕਿਲ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਆਪਣਾ ਵਿਸ਼ੇਸ਼ ਕਮਾਂਡੋ ਦਸਤਾ ਤਿਆਰ ਕੀਤਾ ਹੋਇਆ ਹੈ, ਜੋ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿਨ-ਰਾਤ ਸਖ਼ਤ ਸੁਰੱਖਿਆ ਪ੍ਰਦਾਨ ਕਰਦਾ ਹੈ। ਜ਼ੈੱਡ ਪਲੱਸ ਸੁਰੱਖਿਆ ਤਹਿਤ ਭਗਵੰਤ ਮਾਨ ਦੀ ਸੁਰੱਖਿਆ ਹੇਠ 55 ਸੀਆਰਪੀਐਫ ਅਤੇ 10 ਐਨਐਸਜੀ ਕਮਾਂਡੋ ਤਾਇਨਾਤ ਕੀਤੇ ਜਾਣੇ ਸਨ।