ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੋਮਵਾਰ ਨੂੰ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ। ਇਥੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਸਿਆ ਕਿ ਮੰਤਰੀ ਮੰਡਲ ਨੇ ਅੱਜ ‘ਦਾ ਸਿੱਖ ਗੁਰਦੁਆਰਾ ਐਕਟ-1925’ ਵਿਚ ਸੋਧ ਕਰਨ ਅਤੇ ਇਸ ਵਿਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢਿਆਂ ਉਤੇ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬਿਨਾਂ ਕਿਸੇ ਅਦਾਇਗੀ ਦੇ ਸਮੁੱਚੀ ਮਾਨਵਤਾ ਗੁਰਬਾਣੀ ਕੀਰਤਨ ਸਰਵਣ ਕਰੇ ਅਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦੇਖ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਪਵਿੱਤਰ ਗੁਰਬਾਣੀ ਦਾ ਕਿਸੇ ਵੀ ਢੰਗ ਨਾਲ ਵਪਾਰੀਕਰਨ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਸਿੱਖ ਗੁਰਦੁਆਰਾ (ਸੋਧ) ਐਕਟ-2023 ਦੇ ਨਾਮ ਹੇਠ ਹੋਵੇਗਾ ਜੋ ਸਰਕਾਰੀ ਗਜ਼ਟ ਵਿਚ ਪ੍ਰਕਾਸ਼ਿਤ ਹੋਣ ਦੀ ਤਰੀਕ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਧਾਰਾ-125 ਤੋਂ ਬਾਅਦ ਸਿੱਖ ਗੁਰਦੁਆਰਾ ਐਕਟ-1925 ਵਿਚ ਧਾਰਾ-125-ਏ ਵੀ ਦਰਜ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ ਦੀ ਡਿਊਟੀ (ਸ਼੍ਰੋਮਣੀ ਕਮੇਟੀ) ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਲਈ ਹੋਵੇਗੀ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।
ਜਿਵੇਂ ਮਸੰਦਾਂ ਤੋਂ ਗੁਰਦੁਆਰੇ ਛੁਡਵਾਏ ਸੀ..ਉਵੇਂ 'ਮਾਡਰਨ ਮਸੰਦਾਂ' ਤੋਂ ਪਵਿੱਤਰ ਗੁਰਬਾਣੀ ਦਾ ਕਬਜ਼ਾ ਛੁਡਾਵਾਂਗੇ…ਬਾਬੇ ਨਾਨਕ ਤੇ ਗੁਰੂਆਂ-ਪੀਰਾਂ ਭਗਤਾਂ ਦੀ ਸਰਬ-ਸਾਂਝੀ ਗੁਰਬਾਣੀ ਸਾਰਿਆਂ ਲਈ ਮੁਫ਼ਤ ਹੋਵੇ.. pic.twitter.com/VlYuglpxil
— Bhagwant Mann (@BhagwantMann) June 19, 2023
ਅੱਜ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲਿਆਂ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ… ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ Live… https://t.co/vqW3CMywsD
— Bhagwant Mann (@BhagwantMann) June 19, 2023