ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਨੂੰ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਨੀ ਸਿੰਘ ਨੂੰ ਵਾਇਸ ਨੋਟ ਰਾਹੀਂ ਧਮਕੀ ਦਿੱਤੀ ਗਈ ਹੈ। ਧਮਕੀ ਭਰਿਆ ਵੌਇਸ ਨੋਟ ਮਿਲਣ ਤੋਂ ਬਾਅਦ ਹਨੀ ਸਿੰਘ ਨੇ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਸੂਤਰਾਂ ਮੁਤਾਬਿਕ ਹਨੀ ਸਿੰਘ ਨੇ ਦੋਸ਼ ਲਾਇਆ ਕਿ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹਨੀ ਸਿੰਘ ਨੇ ਉਹ ਵਾਇਸ ਨੋਟ ਵੀ ਪੁਲਿਸ ਨੂੰ ਸੌਂਪ ਦਿੱਤਾ ਹੈ। ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਸੌਂਪ ਦਿੱਤੀ ਗਈ ਹੈ। ਹਨੀ ਸਿੰਘ ਨੇ ਸਪੈਸ਼ਲ ਸੈੱਲ ਦੇ ਸੀਪੀ ਐਚਜੀਐਸ ਧਾਲੀਵਾਲ ਨਾਲ ਵੀ ਮੁਲਾਕਾਤ ਕੀਤੀ।
ਹਨੀ ਸਿੰਘ ਤੋਂ ਪਹਿਲਾਂ ਗੋਲਡੀ ਬਰਾੜ ਗੈਂਗ ਨੇ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਾਲ ਮਾਰਚ ‘ਚ ਸਲਮਾਨ ਨੂੰ ਈ-ਮੇਲ ਰਾਹੀਂ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਸੀ। ਪੁਲਿਸ ਨੇ ਧਮਕੀ ਤੋਂ ਬਾਅਦ ਮਾਮਲਾ ਵੀ ਦਰਜ ਕਰ ਲਿਆ ਸੀ।