ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ ਹੈ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ-2023 ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।
ਰਾਜਪਾਲ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਵਿਵਸਥਾਵਾਂ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਗੈਰ-ਸੰਵਿਧਾਨਕ ਹੈ ਅਤੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਨੂੰ ਵਿਸਥਾਰ ਨਾਲ ਸੁਣਨ ਤੋਂ ਬਾਅਦ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਇਸ ਬਿੱਲ ਦੀ ਸੰਵਿਧਾਨ ਅਨੁਸਾਰ ਪੜਤਾਲ ਕਰਨਗੇ ਅਤੇ ਬੇਇਨਸਾਫ਼ੀ ਨਹੀਂ ਹੋਣ ਦੇਣਗੇ।