ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ (ਸੋਧ) ਬਿੱਲ ਦਾ ਵਿਰੋਧ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਇਸ ਸੋਧ ਬਿੱਲ ਨੂੰ ਰੋਕਣ ਦੀ ਮੰਗ ਕਰੇਗੀ।। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਸੋਧ ਬਿੱਲ ਪਾਸ ਕਰਕੇ ਮਨਜ਼ੂਰੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਰਾਜਪਾਲ ਨਾਲ ਮੁਲਾਕਾਤ ਕਰਕੇ ਬਿੱਲ ਨੂੰ ਮਨਜ਼ੂਰੀ ਨਾ ਦੇਣ ਦੀ ਅਪੀਲ ਕੀਤੀ ਸੀ ਪਰ ਹੁਣ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਬਿੱਲ ਨੂੰ ਰੋਕਣ ਦੀ ਕੋਸ਼ਿਸ਼ ਕਰਨਗੇ। ਇਸ ਸਬੰਧੀ ਧਾਮੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਦੇ ਫੈਸਲੇ ‘ਤੇ ਸਮਕਾਲੀ ਜਥੇਬੰਦੀਆਂ ਦੀ ਰਾਏ ਲਈ ਗਈ ਹੈ ਅਤੇ ਇਸ ਸਬੰਧੀ ਸਹਿਮਤੀ ਬਣਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗ੍ਰਹਿ ਮੰਤਰੀ ਨੂੰ ਮਿਲ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਦੇ ਮਾਮਲੇ ਵਿੱਚ ਉਨ੍ਹਾਂ ਦਾ ਦਖ਼ਲ ਮੰਗੇਗੀ।
ਸ਼੍ਰੋਮਣੀ ਕਮੇਟੀ ਦਾ ਦਾਅਵਾ ਹੈ ਕਿ ਪੰਜਾਬ ਸਰਕਾਰ ਨੇ ਗੁਰਦੁਆਰਾ ਐਕਟ ਵਿੱਚ ਸੋਧ ਕਰਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ। ਧਾਮੀ ਅਨੁਸਾਰ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਹੋ ਸਕਦੀ।