ਭਾਜਪਾ ਸੁਨੀਲ ਜਾਖੜ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਬਣਾ ਸਕਦੀ ਹੈ। ਭਾਜਪਾ ਕਈ ਰਾਜਾਂ ਦੇ ਨਾਲ-ਨਾਲ ਪੰਜਾਬ ਵਿੱਚ ਵੀ ਨਵੇਂ ਮੁਖੀ ਦਾ ਐਲਾਨ ਕਰ ਸਕਦੀ ਹੈ। ਸੁਨੀਲ ਜਾਖੜ ਦੇ ਨਾਂ ਦੀ ਚਰਚਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਤੋਂ ਸ਼ੁਰੂ ਹੋ ਗਈ ਸੀ। 18 ਜਨਵਰੀ 2020 ਨੂੰ ਅਸ਼ਵਨੀ ਸ਼ਰਮਾ ਦੂਜੀ ਵਾਰ ਪੰਜਾਬ ਭਾਜਪਾ ਦੇ ਪ੍ਰਧਾਨ ਬਣੇ ਸਨ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣਾਂ ਅਤੇ ਸੰਗਰੂਰ ਅਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲੜੀਆਂ ਪਰ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਨੂੰ 2010 ਵਿੱਚ ਪਹਿਲੀ ਵਾਰ ਸੂਬਾ ਪ੍ਰਧਾਨ ਬਣਾਇਆ ਗਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਸੁਨੀਲ ਜਾਖੜ ਦੇ ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਭਾਜਪਾ ਅੰਦਰਲੇ ਵਿਰੋਧ ਨੂੰ ਸ਼ਾਂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦਾ ਮੌਜੂਦਾ ਨਿਸ਼ਾਨਾ 2024 ਦੀਆਂ ਲੋਕ ਸਭਾ ਚੋਣਾਂ ਹਨ। ਗੁਰਦਾਸਪੁਰ ‘ਚ ਜਿਸ ਤਰ੍ਹਾਂ ਸੁਨੀਲ ਜਾਖੜ ਨੂੰ ਸਟੇਜ ‘ਤੇ ਪੇਸ਼ ਕੀਤਾ ਗਿਆ, ਉਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਤੋਂ ਇਲਾਵਾ ਸੰਸਦ ਮੈਂਬਰ ਦੇ ਉਮੀਦਵਾਰ ਵਜੋਂ ਤਿਆਰ ਕੀਤਾ ਜਾ ਰਿਹਾ ਹੈ।