ਪੰਜਾਬ ਵਿੱਚ ਹੜ੍ਹਾਂ ਕਾਰਨ ਲੋਕਾਂ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਹੈ। ਘੱਗਰ ਤੇ ਸਤਲੁਜ ਸਮੇਤ ਛੋਟੇ-ਵੱਡੇ ਦਰਿਆਵਾਂ ‘ਚ ਪਾੜ ਪੈਣ ਕਾਰਨ ਸਰਹੱਦ ਤੱਕ ਦੇ ਪਿੰਡ ਪਾਣੀ ਦੀ ਮਾਰ ਹੇਠ ਹਨ। ਅਜਿਹੇ ‘ਚ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਮੁੱਖ ਮੰਤਰੀ ਰਾਹਤ ਫੰਡ ‘ਚ ਯੋਗਦਾਨ ਪਾਇਆ ਹੈ। ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਸੰਕਟ ਵਿੱਚੋਂ ਕੱਢਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਲਈ 1.10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨ੍ਹਾਂ ਵਿੱਤੀ ਮਦਦ ਦਾ ਇਹ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਵਾ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਕਿ ਫੂਡ ਪੈਕਟ, ਪੀਣ ਵਾਲੇ ਪਾਣੀ ਅਤੇ ਹੋਰ ਸਾਰੇ ਪ੍ਰਬੰਧ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਹੈ।