ਦੇਸ਼ ਵਿੱਚ ਸੁਤੰਤਰਤਾ ਦਿਵਸ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਮੰਗਲਵਾਰ 15 ਅਗਸਤ ਨੂੰ ਦਿੱਲੀ ਦੇ ਲਾਲ ਕਿਲੇ ਤੋਂ 77ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਦੇਸ਼ ਦੀ ਅਗਵਾਈ ਕਰਨਗੇ। ਸੋਮਵਾਰ 14 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਕ ਵੱਡਾ ਬਿਆਨ ਦਿੰਦਿਆਂ ਪੀਐੱਮ ‘ਤੇ ਤੰਜ ਕਸਿਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਸੁਤੰਤਰਤਾ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਦਾ ਭਾਸ਼ਣ ਲਾਲ ਕਿਲੇ ਤੋਂ ਉਨ੍ਹਾਂ ਦਾ ਆਖਰੀ ਭਾਸ਼ਣ ਹੋਵੇਗਾ। ਲੋਕ ਸਭਾ ਚੋਣਾਂ-2024 ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਗੱਠਜੋੜ india ਛੇ ਮਹੀਨਿਆਂ ਬਾਅਦ ਹੋਣ ਵਾਲੀਆਂ ਸੰਸਦੀ ਚੋਣਾਂ ਜਿੱਤੇਗਾ।
ਕੋਲਕਾਤਾ ਦੇ ਬੇਹਾਲਾ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ india ਜਲਦ ਹੀ ਮੈਦਾਨ ‘ਚ ਉਤਰੇਗਾ ਅਤੇ ਖੇਲਾ ਹੋਬੇ। ਖੇਲਾ ਹੋਬੇ ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ, ਟੀਐਮਸੀ ਦੁਆਰਾ 2021 ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਦਿੱਤਾ ਗਿਆ ਇੱਕ ਨਾਅਰਾ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੰਗਾਲ ਨੂੰ ਕੁਰਸੀ ਨਹੀਂ ਚਾਹੀਦੀ, ਉਹ ਭਾਜਪਾ ਸਰਕਾਰ ਨੂੰ ਉਖਾੜ ਸੁੱਟਣਾ ਚਾਹੁੰਦੇ ਹਨ। india ਗੱਠਜੋੜ ਪੂਰੇ ਦੇਸ਼ ਵਿੱਚ ਭਾਜਪਾ ਨੂੰ ਖਤਮ ਕਰ ਦੇਵੇਗਾ। ਪੱਛਮੀ ਬੰਗਾਲ ਵਿੱਚ ਟੀਐਮਸੀ ਭਾਜਪਾ ਨੂੰ ਨਿਰਣਾਇਕ ਤੌਰ ‘ਤੇ ਹਰਾਏਗੀ। ਮਮਤਾ ਬੈਨਰਜੀ ਨੇ ਇਹ ਵੀ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ।
ਮਮਤਾ ਬੈਨਰਜੀ ਨੇ ਕਿਹਾ ਕਿ ਪੱਛਮੀ ਬੰਗਾਲ ‘ਚ ਭ੍ਰਿਸ਼ਟਾਚਾਰ ਦੇ ਕੁਝ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਖਿਲਾਫ ਅਸੀਂ ਤੁਰੰਤ ਕਦਮ ਚੁੱਕੇ ਹਨ। ਹਾਲਾਂਕਿ, ਕੇਂਦਰ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਕਈ ਦੋਸ਼ ਹਨ, ਚਾਹੇ ਉਹ ਰਾਫੇਲ ਜਹਾਜ਼ ਸੌਦਾ ਹੋਵੇ ਜਾਂ 2,000 ਰੁਪਏ ਦੇ ਨੋਟ ਦੀ ਨੋਟਬੰਦੀ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਦਿੱਲੀ ਦੇ ਇਤਿਹਾਸਕ ਲਾਲ ਕਿਲੇ ਤੋਂ ਲਗਾਤਾਰ 10ਵੇਂ ਸੁਤੰਤਰਤਾ ਦਿਵਸ ਨੂੰ ਸੰਬੋਧਨ ਕਰਨਗੇ। ਆਜ਼ਾਦੀ ਦਿਵਸ ਸਮਾਗਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।