ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਰੋਪੜ ਦੇ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। 14 ਅਗਸਤ ਨੂੰ ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਹੇਠਾਂ ਸੀ ਰੋਪੜ ਦਾ ਸ਼ਾਹਪੁਰ ਬੇਲਾ ਪਿੰਡ ਪਾਣੀ ਵਿੱਚ ਘਿਰਿਆ ਹੋਇਆ ਹੈ। ਪਿੰਡ ਵਾਸੀਆਂ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਨਾ ਤਾਂ ਪਾਣੀ ਛੱਡਣ ਬਾਰੇ ਸੂਚਿਤ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।
ਇਸ ਦੇ ਨਾਲ ਹੀ ਬਿਆਸ ਦਰਿਆ ‘ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਪਾਣੀ ਵਿੱਚ ਡੁੱਬਣ ਦਾ ਖਤਰਾ ਬਣਿਆ ਹੋਇਆ ਹੈ। ਐਨਡੀਆਰਐਫ ਦੀਆਂ ਟੀਮਾਂ ਨੇ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲਣ ਤੋਂ ਬਾਅਦ ਕੁੱਝ ਥਾਵਾਂ ’ਤੇ ਮੋਰਚਾ ਸੰਭਾਲ ਲਿਆ ਹੈ। ਸ਼ਹੀਦ ਜਤਿੰਦਰ ਕੁਮਾਰ ਦੇ ਘਰ ਨੂੰ ਵੀ ਪਾਣੀ ਨੇ ਘੇਰ ਲਿਆ ਹੈ। ਪਰਿਵਾਰ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਉਣ ਲਈ ਕੁਝ ਸਮਾਜ ਸੇਵੀ ਉਨ੍ਹਾਂ ਦੇ ਘਰ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।