ਦੇਸ਼ ਦੀ ਰਾਜਧਾਨੀ ਦਿੱਲੀ ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ, ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਕਈ ਦੇਸ਼ਾਂ ਦੇ ਮੁਖੀ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਸ਼ੁੱਕਰਵਾਰ (8 ਸਤੰਬਰ) ਨੂੰ ਦਿੱਲੀ ਪੁੱਜੇ ਹਨ। ਇਹ ਸੰਮੇਲਨ 9 ਅਤੇ 10 ਸਤੰਬਰ ਨੂੰ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿਖੇ ਕਰਵਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਆਏ ਕੁੱਝ ਮਹਿਮਾਨਾਂ ਨਾਲ ਦੁਵੱਲੀ ਮੀਟਿੰਗ ਵੀ ਕੀਤੀ ਹੈ। ਇਨ੍ਹਾਂ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਸ਼ਾਮਿਲ ਸਨ।
ਰਾਸ਼ਟਰਪਤੀ ਜੋਅ ਬਾਈਡੇਨ ਦਾ ਦਿੱਲੀ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਬਾਈਡੇਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਲਈ ਦੇਰ ਸ਼ਾਮ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ। ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੁਵੱਲੀ ਗੱਲਬਾਤ ਦੌਰਾਨ ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਿਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉੱਥੇ ਹੀ ਬ੍ਰਾਜ਼ੀਲ ਦੇ ਰਾਸ਼ਟਰਪਤੀ,ਚੀਨ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਅਤੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁਟੇ ਵੀ ਨਵੀਂ ਦਿੱਲੀ ਪਹੁੰਚ ਗਏ ਹਨ।