ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੀਰਵਾਰ ਨੂੰ ਤਿੰਨ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ 31 ਸਾਲ ਪੁਰਾਣੇ ਝੂਠੇ ਮੁਕਾਬਲੇ ਵਿੱਚ ਤਿੰਨ ਨੌਜਵਾਨਾਂ ਨੂੰ ਮਾਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਦੋਸ਼ੀਆਂ ‘ਤੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਇਹ ਫੈਸਲਾ ਸੁਣਾਉਂਦਿਆਂ ਤਤਕਾਲੀ ਪੁਲਿਸ ਮੁਲਾਜ਼ਮ ਇੰਸਪੈਕਟਰ ਧਰਮ ਸਿੰਘ, ਏ.ਐਸ.ਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਜੇਲ੍ਹ ਭੇਜ ਦਿੱਤਾ ਹੈ। ਹੁਣ ਦੋਸ਼ੀ ਇਸ ਫੈਸਲੇ ਖਿਲਾਫ ਹਾਈਕੋਰਟ ‘ਚ ਅਪੀਲ ਕਰ ਸਕਦੇ ਹਨ। ਇਸ ਦੇ ਨਾਲ ਹੀ ਫੈਸਲਾ ਸੁਣਾਉਂਦੇ ਹੋਏ ਜੱਜ ਨੇ ਅਦਾਲਤ ਵਿੱਚ ਕਿਹਾ ਕਿ ਪੁਲਿਸ ਵੱਲੋਂ ਅਜਿਹਾ ਕਰਨਾ ਕਿਸੇ ਬੇਰਹਿਮੀ ਤੋਂ ਘੱਟ ਨਹੀਂ ਹੈ। ਜਿਸ ਕਾਰਨ ਤਿੰਨ ਬੇਕਸੂਰ ਨੌਜਵਾਨਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਬਜ਼ੁਰਗ ਮਾਪੇ ਆਪਣੇ ਬੱਚੇ ਗੁਆ ਚੁੱਕੇ ਹਨ ਅਤੇ ਇਸ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਇਸ ਲਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਰਿਪੋਰਟਾਂ ਅਨੁਸਾਰ 1992 ਵਿੱਚ ਸਥਾਨਕ ਪੁਲਿਸ ਨੇ ਨੌਜਵਾਨ ਹਰਜੀਤ ਸਿੰਘ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆ ਦੇ ਬੱਸ ਸਟੈਂਡ ਤੋਂ ਕਿਸੇ ਮਾਮਲੇ ਵਿੱਚ ਪੁੱਛਗਿੱਛ ਲਈ ਚੁੱਕਿਆ ਸੀ। 14 ਦਿਨਾਂ ਬਾਅਦ ਪੁਲਿਸ ਨੇ ਹਰਜੀਤ ਸਿੰਘ ਸਮੇਤ ਦੋ ਹੋਰ ਨੌਜਵਾਨਾਂ ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ। ਹਰਜੀਤ ਸਿੰਘ ਦੇ ਪਿਤਾ ਨੇ ਇਸ ਮਾਮਲੇ ਵਿੱਚ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਹਾਈਕੋਰਟ ਨੇ ਤੁਰੰਤ ਨੋਟਿਸ ਲੈਂਦਿਆਂ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਪੁਲਿਸ ਹਿਰਾਸਤ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਵਾਰੰਟ ਅਫਸਰ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ ਦਸੰਬਰ 1992 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਇਸ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਸਨ। 1995 ਵਿੱਚ ਮਿਲੀ ਰਿਪੋਰਟ ਦੇ ਆਧਾਰ ’ਤੇ ਹਾਈ ਕੋਰਟ ਨੇ 30 ਮਈ 1997 ਨੂੰ ਇਸ ਕਤਲ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।